ਪਟਿਆਲਾ : ਭਾਰਤ ਸਰਕਾਰ ਦੇ ਹਾਊਸਿੰਗ, ਸ਼ਹਿਰੀ ਮਾਮਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਭਾਜਪਾ ਦੀ ਪੰਜਾਬ ਅਤੇ ਜ਼ਿਲ੍ਹਾ ਇਕਾਈ ਦੀ ਲੀਡਰਸ਼ਿਪ ਵੀ ਹਾਜ਼ਰ ਰਹੀ। ਕੇਂਦਰੀ ਮੰਤਰੀ ਨੇ ਗੁਰੂ ਦਰਬਾਰ ’ਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਸਿਰੋਪਾਓ ਦੀ ਬਖਸ਼ਿਸ਼ ਭੇਂਟ ਕੀਤੀ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ ਤੋਂ ਇਲਾਵਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਦੇ ਜਨਰਲ ਸੈਕਟਰੀ ਰਾਜੇਸ਼ ਬੱਘਾ, ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਹਰਿੰਦਰ ਕੋਹਲੀ, ਦੀਦਾਰ ਸਿੰਘ ਭੱਟੀ, ਸੁਖਵਿੰਦਰ ਕੌਰ ਨੌਲੱਖਾ, ਕਲਚਰਲ ਸੈਲ ਦੇ ਮੈਂਬਰ ਗੁਰਜੀਤ ਕੋਹਲੀ, ਜਗਮੋਹਨ ਸੈਣੀ, ਭੁਪੇਸ਼ ਅਗਰਵਾਲ, ਅਜੇ ਥਾਪਰ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ ਆਦਿ ਸ਼ਾਮਲ ਸਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਡੀ.ਐਮ.ਡਬਲਿਊ ਵਿਖੇ ਇੱਕ ਸਮਾਗਮ ਵਿਚ ਸ਼ਾਮਲ ਹੋਣ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਵਿਚ ਸਰਕਾਰੀ ਨੌਕਰੀਆਂ ਲਈ ਨੌਜਵਾਨਾਂ ਨੂੰ 75,000 ਨਿਯੁਕਤੀ ਪੱਤਰ ਵੰਡੇ ਜਾਣੇ ਹਨ ਉਸੀ ਕੜੀ ਤਹਿਤ ਅੱਜ ਪੰਜਾਬ 'ਚ ਪਟਿਆਲਾ ਅਤੇ ਕਪੂਰਥਲਾ ਵੀ ਸਮਾਗਮ ਕਰਵਾਇਆ ਗਿਆ ਅਤੇ 506 ਬੱਚਿਆਂ ਨੂੰ ਜਾਬ ਕਾਰਡ ਦਿੱਤੇ ਗਏ।