ਫਰੀਦਕੋਟ 29 ਅਗਸਤ 2024 : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਪਿਛਲੇ ਮਹੀਨੇ ਲਏ ਗਏ ਫੈਸਲਿਆਂ ਉੱਪਰ ਹੋਏ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਗਊਸ਼ਾਲਾ ਵਿੱਚ ਕੰਮ ਕਰਨ ਵਾਲੇ ਮੁਲਾਜਮਾਂ ਦੀ ਗਿਣਤੀ ਵਧਾਉਣ ਦੀ ਹਦਾਇਤ ਕੀਤੀ ਗਈ ਤਾਂ ਜੋ ਗਊਵੰਸ਼ ਦੀ ਸੇਵਾ ਹੋਰ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਉਨ੍ਹਾਂ ਗਊਸ਼ਾਲਾ ਵਿੱਚ ਚੱਲ ਰਹੇ ਪ੍ਰਬੰਧਾ, ਚਾਰੇ, ਪਾਣੀ, ਤੂੜੀ,ਫੀਡ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਵਿੱਚ ਲੋੜੀਂਦੀਆਂ ਚੀਜਾਂ ਚਾਰੇ ਅਤੇ ਫੀਡ ਆਦਿ ਦੀਆਂ ਬਾਰੇ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਗਊਸ਼ਾਲਾ ਅੰਦਰ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਪਸ਼ੂਆਂ ਨੂੰ ਪ੍ਰਮਾਣਿਤ ਖੁਰਾਕ ਹੀ ਦਿੱਤੀ ਜਾਵੇ। ਇਸ ਮੌਕੇ ਵਾਈਸ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਮਨੀਸ਼ ਅਗਰਵਾਲ, ਮੁੱਖ ਕਾਰਜਕਾਰੀ ਅਫਸਰ ਪੰਜਾਬ ਗਊ ਸੇਵਾ ਕਮਿਸ਼ਨ ਡਾ. ਅਸ਼ੀਸ਼ ਚੁੱਗ, ਮੈਂਬਰ ਸ਼੍ਰੀ ਅਰੁਣ ਵਧਵਾ, ਸ੍ਰੀ ਵਿਨੋਦ ਸੋਈ ,ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਰੀਦਕੋਟ ਡਾ. ਪ੍ਰਵੀਨ ਕੁਮਾਰ, ਡਾ. ਜਸਵਿੰਦਰ ਗਰਗ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।