ਸੰਗਰੂਰ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ 'ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।