
- 7669 400 500 'ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਯੋਗਸ਼ਾਲਾਵਾਂ ਨਾਲ
- ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜ ਕੇ ਸਰਹਿੰਦ ਦੀਆਂ ਕਈ ਔਰਤਾਂ ਹੋਈਆਂ ਨਿਰੋਗ
ਫ਼ਤਹਿਗੜ੍ਹ ਸਾਹਿਬ, 04 ਦਸੰਬਰ 2024 : ਸੀ.ਐਮ.ਦੀ ਯੋਗਸ਼ਾਲਾ, ਪੰਜਾਬ ਸਰਕਾਰ, ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਲੋਕ ਵੱਧ ਚੜ੍ਹ ਕੇ ਇਹਨਾਂ ਦਾ ਲਾਭ ਲੈ ਰਹੇ ਹਨ ਤੇ ਲੋਕਾਂ ਵਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਵੱਲੋਂ ਚੁਣੀਆਂ ਥਾਵਾਂ ਜਿਵੇਂ ਕਿ ਪਾਰਕ/ ਜਨਤਕ ਥਾਂ 'ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਂਦੀ ਹੈ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਲਾਉਣ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਭੇਜਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਦੂਰ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਵਰਨਣਯੋਗ ਹੈ ਕਿ ਸੀ.ਐਮ. ਦੀ ਯੋਗਸ਼ਾਲਾ ਅਧੀਨ ਆਮ ਖਾਸ ਬਾਗ ਸਰਹਿੰਦ ਵਿਖੇ ਚੱਲ ਰਹੀਆਂ ਯੋਗਾ ਕਲਾਸਾਂ ਬਾਰੇ ਸਰਹਿੰਦ ਵਾਸੀ ਏ.ਐਨ.ਐਮ. ਕਰਮਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੀ ਸਾਬਕਾ ਚੇਅਰਪਰਸਨ ਕਰਮਜੀਤ ਕੌਰ, ਸਤਵਿੰਦਰ ਕੌਰ ਨਾਗਰਾ ਤੇ ਹਰਵਿੰਦਰ ਕੌਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜ ਕੇ ਉਨ੍ਹਾਂ ਨੂੰ ਗੋਡਿਆਂ ਦੀ ਸਮੱਸਿਆ, ਵੱਧ ਭਾਰ ਦੀ ਸਮੱਸਿਆ, ਥਾਇਰਾਈਡ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਉਨ੍ਹਾਂ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਆਮ ਖਾਸ ਬਾਗ ਸਰਹਿੰਦ ਵਿਖੇ ਯੋਗਾ ਦੀ ਸਿਖਲਾਈ ਦੇ ਰਹੇ ਗੁਰਸ਼ਬਦ ਸਿੰਘ ਦੀ ਵੀ ਸਰਾਹਨਾਂ ਵੀ ਕੀਤੀ। ਇਸ ਸਬੰਧੀ ਡੀ.ਡੀ.ਐਫ. ਇਕਰਾਮ ਖਾਨ ਨੇ ਦੱਸਿਆ ਕਿ ਜੇਕਰ ਲੋਕ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣਾ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫ੍ਰੀ ਨੰਬਰ 7669400500 'ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in 'ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 'ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in 'ਤੇ ਈਮੇਲ ਭੇਜ ਸਕਦੇ ਹਨ।