ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ- ਡੀ.ਸੀ

  • ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਸਲਾਹਕਾਰੀਆਂ ਦੀ ਮੁਕੰਮਲ ਪਾਲਣਾ ਕਰਨ ਲਈ ਕਿਹਾ

ਫ਼ਰੀਦਕੋਟ 08 ਮਈ 2025 : ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਕਿਸੇ ਵੀ ਤਰ੍ਹਾਂ ਦੀ ਸੰਕਟ ਵਾਲੀ ਸਥਿਤੀ ਨਾਲ ਨਜਿੱਠਣ ਲਈ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ਤੇ ਇਸ ਸਬੰਧੀ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਵੀ ਜ਼ਿਲ੍ਹਾ ਪੱਧਰ ਤੇ ਸਥਾਪਿਤ ਕੀਤੇ ਗਏ ਹਨ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਡੀ.ਸੀ ਦਫ਼ਤਰ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01639-250338 ਹੈ, ਇਸੇ ਤਰ੍ਹਾਂ ਡੀ.ਸੀ ਕੈਪ ਆਫਿਸ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਨੰਬਰ 01639-251000 ਅਤੇ 01639-251024 ਹੈ । ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੁਲਿਸ ਵਿਭਾਗ ਦਾ ਕੰਟਰੋਲ ਰੂਮ ਐਸ.ਐਸ.ਪੀ ਦਫ਼ਤਰ ਫ਼ਰੀਦਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 75270-17100 ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਹਰ ਤਰ੍ਹਾਂ ਦੀ ਜਾਣਕਾਰੀ ਜਾਂ ਮੱਦਦ ਲਈ ਉਪਰੋਕਤ ਕੰਟਰੋਲ ਰੂਮ ਦੇ ਨੰਬਰਾਂ ਤੇ ਸੰਪਰਕ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਸਮੇਤ ਸਾਰੇ ਵਿਭਾਗਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ 24 ਘੰਟੇ ਤਿਆਰ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਬਲੈਕ ਆਊਟ ਸਮੇਂ ਆਪਣੇ ਘਰਾਂ ਦੀਆਂ ਸਾਰੀਆਂ ਲਾਈਟਾਂ ਬੰਦ ਕੀਤੀਆਂ ਜਾਣ ਤੇ ਇਥੋਂ ਤੱਕ ਕਿ ਕੈਮਰਿਆਂ ਨੂੰ ਵੀ ਉਸ ਸਮੇਂ ਟੇਪ ਜਾਂ ਕਿਸੇ ਹੋਰ ਚੀਜ਼ ਨਾਲ ਢੱਕ ਲਿਆ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਰੋਸ਼ਨੀ ਸਬੰਧੀ ਪਤਾ ਨਾ ਲੱਗੇ । ਉਨ੍ਹਾਂ ਕਿਹਾ ਕਿ ਜੇਕਰ ਘਰ ਦੇ ਕਿਸੇ ਕਮਰੇ ਵਿੱਚ ਲਾਈਟ ਚਲਾਉਣੀ ਬਹੁਤ ਜ਼ਰੂਰੀ ਹੋਵੇ ਉਹ ਕਮਰਾ ਪੂਰੀ ਤਰ੍ਹਾਂ ਪਰਦਿਆਂ, ਖਿੜਕੀਆਂ, ਦਰਵਾਜ਼ਿਆਂ ਨਾਲ ਬੰਦ ਹੋਣਾ ਚਾਹੀਦਾ ਹੈ ਤਾਂ ਜੋ ਰੋਸ਼ਨੀ ਬਾਹਰ ਨਾ ਜਾ ਸਕੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪਰ ਸਾਨੂੰ ਆਪਣੀ ਸੁਰੱਖਿਆ ਲਈ ਹਮੇਸ਼ਾ ਸਾਵਧਾਨ ਰਹਿਣਾ ਚਾਹੀਦਾ ਹੈ ਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਵਿੱਚ ਆਪਣੇ ਪਰਿਵਾਰ ਤੇ ਦੂਜਿਆਂ ਦੀ ਮੱਦਦ ਕਰਨੀ ਚਾਹੀਦੀ ਹੈ।