- ਡੀ.ਸੀ ਨੇ ਐਰੋਡਰੋਮ ਕਮੇਟੀ ਦੀ ਮੀਟਿੰਗ ਕੀਤੀ
- ਪੁਲਿਸ ਵਿਭਾਗ ਨੂੰ ਗੈਰ-ਕਾਨੂੰਨੀ ਟਰੱਕ ਪਾਰਕਿੰਗ 'ਤੇ ਸ਼ਿਕੰਜਾ ਕੱਸਣ ਦੇ ਹੁਕਮ
ਲੁਧਿਆਣਾ, 25 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਹਨੇਵਾਲ ਏਅਰਪੋਰਟ ਵਿਖੇ ਐਰੋਡਰੋਮ ਕਮੇਟੀ ਅਤੇ ਏਅਰਪੋਰਟ ਇਨਵਾਇਰਮੈਂਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਹਾਇਕ ਕਮਿਸ਼ਨਰ ਮੈਡਮ ਕ੍ਰਿਤਿਕਾ ਗੋਇਲ ਅਤੇ ਏਅਰਪੋਰਟ ਡਾਇਰੈਕਟਰ ਸ੍ਰੀ ਪੰਕਜ ਕੁਮਾਰ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਹਿਰੀ ਹਵਾਬਾਜ਼ੀ ਵਿੱਚ ਗੈਰ-ਕਾਨੂੰਨੀ ਦਖਲਅੰਦਾਜ਼ੀ ਦੀ ਸਥਿਤੀ ਵਿੱਚ ਲੋੜੀਂਦੀ ਤਿਆਰੀ ਅਤੇ ਇੱਕ ਜਵਾਬਦੇਹ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਿੱਸੇਦਾਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਮੀਟਿੰਗ ਦੌਰਾਨ ਮੁੱਖ ਸੁਰੱਖਿਆ ਅਧਿਕਾਰੀ ਸ੍ਰੀ ਦੀਪਕ ਪਰਾਸ਼ਰ ਨੇ ਗੈਰ-ਕਾਨੂੰਨੀ ਦਖਲਅੰਦਾਜ਼ੀ ਨੂੰ ਹੱਲ ਕਰਨ ਲਈ ਪ੍ਰੋਟੋਕੋਲ ਬਾਰੇ ਸਾਰੇ ਮੈਂਬਰਾਂ ਅਤੇ ਹਿੱਸੇਦਾਰਾਂ ਨੂੰ ਇੱਕ ਸੰਖੇਪ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਨਗਰ ਨਿਗਮ, ਜੰਗਲਾਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਥਾਨਕ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਜਹਾਜ਼ਾਂ ਦੀ ਲੈਂਡਿੰਗ ਅਤੇ ਟੇਕ-ਆਫ ਦੌਰਾਨ ਪੰਛੀਆਂ ਦੇ ਟਕਰਾਉਣ ਕਾਰਨ ਹੋਣ ਵਾਲੀਆਂ ਸੰਭਾਵੀ ਘਟਨਾਵਾਂ ਨੂੰ ਰੋਕਣ ਲਈ ਕਈ ਰੋਕਥਾਮ ਉਪਾਵਾਂ ਬਾਰੇ ਚਰਚਾ ਕੀਤੀ। ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦੇ ਡੰਪਾਂ ਨੂੰ ਤੁਰੰਤ ਹਟਾਇਆ ਜਾਵੇ ਕਿਉਂਕਿ ਕੂੜੇ ਦੇ ਢੇਰਾਂ ਅਤੇ ਦਰੱਖਤਾਂ ਕਾਰਨ ਪੰਛੀ ਇਸ ਖੇਤਰ ਵੱਲ ਆਕਰਸ਼ਿਤ ਹੁੰਦੇ ਹਨ। ਉਨ੍ਹਾਂ ਜੰਗਲਾਤ ਵਿਭਾਗ ਨੂੰ ਹਵਾਈ ਅੱਡੇ ਦੇ ਨਾਲ ਲੱਗਦੇ ਖੇਤਰਾਂ ਵਿਚ ਵੱਡੇ ਦਰਖਤਾਂ ਦੀਆਂ ਟਾਹਣੀਆਂ ਦੀ ਛਾਂਟੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਹਵਾਈ ਅੱਡੇ ਨੂੰ ਜਾਣ ਵਾਲੀਆਂ ਸੜਕਾਂ 'ਤੇ ਟਰੱਕਾਂ ਦੀ ਗੈਰ-ਕਾਨੂੰਨੀ ਪਾਰਕਿੰਗ 'ਤੇ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ। ਮੰਡੀ ਬੋਰਡ ਨੂੰ ਹਵਾਈ ਅੱਡੇ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ ਪਹੁੰਚ ਸੜਕਾਂ ਦੀ ਮੁਰੰਮਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।