
- ਐਸ.ਡੀ.ਐਮਜ ਨੇ ਸਬ-ਡਵੀਜ਼ਨ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ-ਡਾ. ਪ੍ਰੀਤੀ ਯਾਦਵ
- ਕਿਸਾਨਾਂ ਨੂੰ ਖੇਤਾਂ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਪਟਿਆਲਾ, 1 ਅਪ੍ਰੈਲ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਆਨਲਾਈਨ ਮੀਟਿੰਗ 'ਚ ਕਣਕ ਦੀ ਖਰੀਦ, ਅਦਾਇਗੀ ਤੇ ਲਿਫਟਿੰਗ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਖਰੀਦ ਏਜੰਸੀਆਂ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ, ਪਨਸਪ ਤੇ ਵੇਅਰਹਾਊਸ ਨੂੰ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਅਤੇ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲ ਵੀਰ ਸਿੰਘ ਨੇ ਆਪਣੀਆਂ ਮੰਡੀਆਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਕੱਟਕੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਨੂੰ ਸੁੱਕੇ ਚਾਰੇ ਵਜੋਂ ਤੂੜੀ ਦੇ ਰੂਪ ਵਿੱਚ ਪਸ਼ੂਆਂ ਲਈ ਵਰਤਿਆ ਜਾ ਸਕਦਾ ਹੈ।