ਫ਼ਤਹਿਗੜ੍ਹ ਸਾਹਿਬ, 27 ਨਵੰਬਰ 2024 : ਪਟਿਆਲਾ-ਸਰਹਿੰਦ ਰੋਡ ਤੇ ਪੈਂਦੇ ਆਦਮਪੁਰ ਭਾਖੜਾ ਨਹਿਰ ਦੇ ਕਿਨਾਰੇ ਮਿਲੇ ਪਸ਼ੂਆਂ ਦੀਆਂ ਲਾਸ਼ਾਂ ਬਾਰੇ ਜ਼ਿਲ੍ਹਾ ਪੁਲਿਸ ਵੱਲੋਂ ਐਫ.ਆਈ.ਆਰ. ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ. ਸੁਖਨਾਜ਼ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ ਤੇ ਸ਼ਾਂਤੀ ਕਾਇਮ ਰੱਖਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸ਼ਹੀਦਾਂ ਦੀ ਧਰਤੀ ਉੱਤੇ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡੀ.ਐਸ.ਪੀ. ਸੁਖਨਾਜ ਸਿੰਘ ਨੇ ਦੱਸਿਆ ਕਿ ਆਦਮਪੁਰ ਭਾਖੜਾ ਦੇ ਕਿਨਾਰੇ ਤੇ ਮਿਲੀਆਂ ਪਸ਼ੂਆਂ ਦੀਆਂ ਲਾਸ਼ਾਂ ਦੀ ਜਾਂਚ ਲਈ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਫੋਰੈਂਸਿਕ ਟੀਮ ਨੇ ਸੈਂਪਲ ਲੈ ਕੇ ਜਲੰਧਰ ਵਿਖੇ ਸਥਿਤ ਲੈਬ ਵਿੱਚ ਟੈਸਟ ਲਈ ਭੇਜੇ ਗਏ ਹਨ ਅਤੇ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਬਾਰੇ ਸਪੱਸ਼ਟ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਗਊ ਰੱਖਿਆ ਦਲ ਦੇ ਆਗੂਆਂ ਵੱਲੋਂ ਪਸ਼ੂਆਂ ਦੀਆਂ ਲਾਸ਼ਾਂ ਨੂੰ ਗਊ ਮਾਤਾ ਹੋਣ ਦਾ ਕਿਹਾ ਗਿਆ ਹੈ ਅਤੇ ਪੁਲਿਸ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਥਾਣਾ ਸਰਹਿੰਦ ਵਿਖੇ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਨੰਬਰ 182 ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਸ. ਸੁਖਨਾਜ ਸਿੰਘ ਨੇ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀਆਂ ਅਫਵਾਹਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਸ਼ਰਾਰਤੀ ਅਨਸਰ ਬਾਰੇ ਪਤਾ ਚੱਲਦਾ ਹੈ ਤਾਂ ਇਸ ਸਬੰਧੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਤੇ ਨਾਗਰਿਕਾਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।