
- ਮੀਟਿੰਗ ਦੌਰਾਨ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਦਿੱਤੇ ਨਿਰਦੇਸ਼
ਸ੍ਰੀ ਮੁਕਤਸਰ ਸਾਹਿਬ 8 ਮਈ 2025 : ਸ਼੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਕਾਰਨ ਨੀਵੀਆਂ ਥਾਂਵਾਂ ਜਾਂ ਕਬਾੜ ਆਦਿ ਵਿਚ ਪਾਣੀ ਜਮ੍ਹਾ ਹੋ ਜਾਂਦਾ ਹੈ ਜਿਸ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੋਣ ਦਾ ਅਤੇ ਡੇਂਗੂ ਫੈਲਣ ਦਾ ਖਤਰਾ ਬਣ ਜਾਂਦਾ ਹੈ ।ਇਸ ਲਈ ਸਾਨੂੰ ਸਾਰੇ ਵਿਭਾਗਾਂ ਨੂੰ ਰਲ ਕੇ “ਵਨ ਹੈਲਥ ਅਪਰੋਚ” ਅਧੀਨ ਇਕੱਠੇ ਹੋ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੀ ਜਰੂਰਤ ਹੈ ਤਾਂ ਜੋ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਸਾਂਝੀਆਂ ਟੀਮਾਂ ਗਤੀਵਿਧੀਆਂ ਕਰਨਗੀਆਂ ਅਤੇ ਮੌਕੇ ਤੇ ਜੇਕਰ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸਨੂੰ ਮੌਕੇ ਤੇ ਨਸ਼ਟ ਕੀਤਾ ਜਾਵੇ ਅਤੇ ਮੋਕੇ ਤੇ ਹੀ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਉਸ ਥਾਂ ਦੇ ਮਾਲਕ/ਇੰਚਾਰਜ ਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਖਾਸ ਤੌਰ ਤੇ ਹਾਈ ਰਿਸਕ ਏਰੀਏ ਵਿਚ ਫੋਗਿੰਗ ਕਰਵਾਈ ਜਾਵੇ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਲੀਕੇਜ ਨਾ ਹੋਣ ਦਿੱਤੀ ਜਾਵੇ ਅਤੇ ਜੇਕਰ ਲੀਕੇਜ ਹੁੰਦੀ ਹੈ ਤਾਂ ਉਸਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਡੇਂਗੂ, ਮਲੇਰੀਏ ਅਤੇ ਪੀਣ ਵਾਲੇ ਅਸ਼ੁੱਧ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਣਕਾਰੀ ਦਿੱਤੀ ਜਾਵੇ ਅਤੇ ਅਵੇਅਰਨੈਸ ਕੈਂਪ ਲਗਾਏ ਜਾਣ। ਉਨ੍ਹਾ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਾਨਿਆਂ ਵਿਚ ਕਿਤੇ ਵੀ ਜਬਤ ਕੀਤੇ ਵਹੀਕਲ ਜਾਂ ਸਮਾਨ ਖੁੱਲੇ ਵਿਚ ਪਿਆ ਹੈ ਤਾਂ ਉਸਦੀ ਹਰ ਹਫਤੇ ਜਾਂਚ ਕੀਤੀ ਜਾਵੇ ਅਤੇ ਉਸ ਵਿਚ ਬਾਰਸ਼ ਦਾ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਸਾਂਝ ਪ੍ਰੌਗਰਾਮ ਅਧੀਨ ਚਲਾਏ ਜਾ ਰਹੇ ਜਾਗੁਰਕਤਾ ਪ੍ਰੋਗਰਾਮਾਂ ਵਿਚ ਡੇਂਗੂ ਅਤੇ ਮਲੇਰੀਆ ਬਾਰੇ ਵੀ ਲੋਕਾਂ ਨੂੰ ਜਾਗੁਰਕ ਕੀਤਾ ਜਾਵੇ। ਉਨ੍ਹਾ ਪ੍ਰਾਇਵੇਟ ਲੈਬ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕਿਹਾ ਕਿ ਪ੍ਰਾਇਵੇਟ ਲੈਬ ਦੁਆਰਾ ਡੇਂਗੂ ਪਾਜ਼ੀਟਿਵ ਪਾਏ ਗਏ ਮਰੀਜਾਂ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਸਕਣ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਵਿੱਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਲੋੜੀਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਏ ਦਾ ਟੈਸਟ ਅਤੇ ਇਲਾਜ ਸਾਰੇ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ । ਸ਼ਹਿਰੀ ਖੇਤਰਾਂ ਵਿਚ ਬ੍ਰੀਡਿੰਗ ਚੈਕਰਾਂ ਦੇ ਸਹਿਯੋਗ ਨਾਲ ਵੱਖ ਵੱਖ ਏਰੀਏ ਵਿਚ ਅਤੇ ਪੇਂਡੂ ਇਲਾਕਿਆਂ ਵਿੱਚ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।