ਸੰਗਰੂਰ: ਜ਼ਿਲ੍ਹਾ ਸੰਗਰੂਰ ਵਿਖੇ ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ਦੇ ਮੁਕੰਮਲ ਖ਼ਾਤਮੇ ਲਈ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਨੌਂ ਮਹੀਨਿਆਂ ਤੋਂ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨਾਲ ਸਬੰਧਤ ਵੇਰਵੇ ਇਕੱਤਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਦਾਖਲ ਇਸ ਉਮਰ ਵਰਗ ਦੇ ਬੱਚਿਆਂ ਦਾ ਡਾਟਾ ਇਕੱਠਾ ਕੀਤਾ ਜਾਵੇ ਤਾਂ ਜੋ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਰਾਬਤਾ ਕਾਇਮ ਕਰਕੇ ਸਕੂਲਾਂ ਵਿੱਚ ਮੀਜ਼ਲ ਅਤੇ ਰੁਬੇਲਾ ਦੇ ਕੈਂਪ ਲਗਾਏ ਜਾ ਸਕਣ। ਉਨ੍ਹਾਂ ਇਹ ਹਦਾਇਤ ਵੀ ਕੀਤੀ ਕਿ ਆਸ਼ਾ ਵਰਕਰਾਂ ਰਾਹੀਂ ਸਰਵੇਖਣ ਕਰਵਾਇਆ ਜਾਵੇ ਤਾਂ ਜੋ ਇਸ ਉਮਰ ਵਰਗ ਦਾ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਸਰਕਾਰ 2023 ਤੱਕ ਖਸਰਾ ਅਤੇ ਰੁਬੇਲਾ (ਐਮ.ਆਰ) ਦੇ ਖ਼ਾਤਮੇ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਖਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਲੱਮ ਇਲਾਕਿਆਂ, ਇੱਟਾਂ ਦੇ ਭੱਠਿਆਂ ਆਦਿ ਵਿਚ 5 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਨੂੰ ਟੀਕਾਕਰਨ ਅਤੇ ਇਸ ਦੀ ਨਿਗਰਾਨੀ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗ ਵਿਚ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਡਬਲਿਊਐੱਚਓ ਦੇ ਐਸਐਮਓ ਡਾ. ਨਿਵੇਦਿਤਾ, ਡੀਐਮਸੀ ਡਾ. ਵਿਕਾਸ ਧੀਰਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਉਪਾਸਨਾ ਬਿੰਦਰਾ, ਬੱਚਿਆਂ ਦੇ ਮਾਹਿਰ ਡਾ. ਪਰਮਵੀਰ ਕਲੇਰ, ਡਾ. ਸਿਮਰਨ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਅੰਜੂ ਸਿੰਗਲਾ ਤੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ।