- ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੀ ਹਦਾਇਤ
- ਐਸ.ਡੀ.ਐਮਜ਼ ਨੂੰ ਵਿਕਾਸ ਪ੍ਰੋਜੈਕਟਾਂ ਦਾ ਸਮੇਂ ਸਮੇਂ ’ਤੇ ਨਿਰੀਖਣ ਕਰਦੇ ਰਹਿਣ ਦੇ ਆਦੇਸ਼
ਸੰਗਰੂਰ, 14 ਜੂਨ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਹੁਣ ਤੱਕ ਹੋਈ ਪ੍ਰਗਤੀ ਬਾਰੇ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਨਿਰਧਾਰਿਤ ਕੀਤੀ ਸਮਾਂ ਸਾਰਣੀ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟ ਨੇਪਰੇ ਚੜ੍ਹਾਏ ਜਾਣ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਸੰਗਰੂਰ ਤੇ ਮਲੇਰਕੋਟਲਾ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤਾਂ, ਭੂਮੀ ਤੇ ਜਲ ਰੱਖਿਆ, ਡਰੇਨੇਜ਼ ਡਵੀਜ਼ਨ, ਪੀ.ਐਸ.ਪੀ.ਸੀ.ਐਲ, ਸਥਾਨਕ ਸਰਕਾਰਾਂ ਸਮੇਤ ਅਨੇਕਾਂ ਵਿਭਾਗਾਂ ਦੇ ਵਿਕਾਸ ਪ੍ਰੋਜੈਕਟਾਂ ਤੇ ਲੋਕ ਪੱਖੀ ਉਪਰਾਲਿਆਂ ਦੀ ਮੌਜੂਦਾ ਸਥਿਤੀ ਤੇ ਵਿਭਾਗੀ ਕਾਰਗੁਜ਼ਾਰੀ ਬਾਰੇ ਜਾਇਜ਼ਾ ਲਿਆ ਅਤੇ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਨੂੰ ਆਪੋ ਆਪਣੇ ਦਾਇਰੇ ਅਧੀਨ ਚੱਲ ਰਹੇ ਕਾਰਜਾਂ ਦਾ ਨਿਯਮਤ ਤੌਰ ’ਤੇ ਨਿਰੀਖਣ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਰੇਕ ਕਾਰਜਕਾਰੀ ਏਜੰਸੀ ਦੇ ਅਧਿਕਾਰੀ ਇਸ ਗੱਲ ਨੂੰ ਸੁਨਿਸ਼ਚਿਤ ਕਰਨਗੇ ਕਿ ਸਰਕਾਰ ਵੱਲੋਂ ਜਾਰੀ ਹੋਣ ਵਾਲੀ ਰਾਸ਼ੀ ਦੀ ਸੁਚੱਜੀ ਤੇ ਪਾਰਦਰਸ਼ੀ ਢੰਗ ਨਾਲ ਹੀ ਵਰਤੋਂ ਹੋਵੇਗੀ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।