- ਉਨ੍ਹਾਂ ਨੂੰ ਪੇਸ਼ ਆ ਰਹੀਆ ਸਮੱਸਿਆਵਾਂ ਬਾਰੇ ਕੀਤਾ ਵਿਚਾਰ ਵਟਾਂਦਰਾ
ਲੁਧਿਆਣਾ, 24 ਜੂਨ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬੁੱਢਾ ਦਰਿਆ ਦੇ ਆਸ-ਪਾਸ ਪੈਂਦੇ ਪਿੰਡਾਂ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਰਪੇਸ਼ ਕਈ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ ਸਮੇਤ ਪਿੰਡ ਵਲੀਪੁਰ, ਖਹਿਰਾ ਬੇਟ ਦੇ ਵਸਨੀਕ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੁੱਢਾ ਦਰਿਆ ਦੇ ਸਬੰਧ ਵਿੱਚ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਫੀਡਬੈਕ ਲਿਆ। ਉਹਨਾਂ ਇਸ ਇਲਾਕੇ ਵਿੱਚ ਇੱਕ ਹੋਰ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਦਾ ਮੁੱਦਾ ਵੀ ਇਸ ਮੀਟਿੰਗ ਵਿੱਚ ਵਿਚਾਰਿਆ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਬੇਨਤੀ ਦੇ ਜਵਾਬ ਵਿੱਚ ਇਨ੍ਹਾਂ ਪਿੰਡਾਂ ਵਿੱਚ ਨਵੇਂ ਟਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਥਾਂਵਾਂ ਦਾ ਫੀਲਡ ਨਿਰੀਖਣ ਕਰਨ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਪਿੰਡ ਵਾਸੀਆਂ ਤੋਂ ਫੀਡਬੈਕ ਲੈਣ ਤੋਂ ਬਾਅਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਟਰੀਟਮੈਂਟ ਪਲਾਂਟ ਸਥਾਪਤ ਕਰਨ ਦੀ ਸੰਭਾਵਨਾ ਲਈ ਵਲੀਪੁਰ ਅਤੇ ਖਹਿਰਾ ਬੇਟ ਪਿੰਡਾਂ ਵਿੱਚ ਸਾਈਟਾਂ ਦਾ ਨਿਰੀਖਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਅਧਿਕਾਰੀ ਸ਼ਾਮਲ ਹਨ। ਜਾਂਚ ਤੋਂ ਬਾਅਦ ਪੈਨਲ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਸੌਂਪੇਗਾ। ਵੱਖ-ਵੱਖ ਵਿਭਾਗਾਂ ਅਤੇ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ) ਜਮਾਲਪੁਰ ਵਿਖੇ 225 ਐਮ.ਐਲ.ਡੀ ਸਮਰੱਥਾ ਵਾਲਾ ਐਸ.ਟੀ.ਪੀ ਅਤੇ ਬੱਲੋਕੇ ਵਿਖੇ 60 ਐਮ.ਐਲ.ਡੀ ਸਮਰੱਥਾ ਵਾਲਾ ਐਸ.ਟੀ.ਪੀ ਪਹਿਲਾਂ ਹੀ ਕਾਰਜਸ਼ੀਲ ਹਨ। ਮੀਟਿੰਗ ਵਿੱਚ ਇਨ੍ਹਾਂ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਦੋਵੇਂ ਪਾਸੇ ਬੂਟੇ ਲਗਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਡੀ.ਸੀ ਸਾਕਸ਼ੀ ਸਾਹਨੀ ਨੇ ਪੰਚਾਇਤਾਂ ਨੂੰ ਭਰੋਸਾ ਦਿਵਾਇਆ ਕਿ ਬੁੱਢਾ ਦਰਿਆ ਦੀ ਸਫਾਈ ਅਤੇ ਮਜ਼ਬੂਤੀ ਦਾ ਕੰਮ ਨਗਰ ਨਿਗਮ ਲੁਧਿਆਣਾ ਅਤੇ ਹੋਰ ਵਿਭਾਗਾਂ ਵੱਲੋਂ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਓਵਰਫਲੋ ਨੂੰ ਰੋਕਣ ਲਈ ਸਾਰੇ ਡਰੇਨਾਂ, ਖਾਸ ਤੌਰ 'ਤੇ ਬੁੱਢੇ ਨਾਲੇ ਦੇ ਉੱਪਰਲੇ ਅਤੇ ਹੇਠਲੇ ਪਾਸੇ ਦੀ ਸਫਾਈ ਲਈ ਵੀ ਯਤਨ ਕੀਤੇ ਜਾ ਰਹੇ ਹਨ।