- ਪਰ ਨਾਲ ਹੀ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀ ਵਿਚ ਲਿਆਉਣ ਦੀ ਵੀ ਕੀਤੀ ਅਪੀਲ
ਫਾਜ਼ਿਲਕਾ, 10 ਅਕਤੂਬਰ 2024 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਤੇਜੀ ਨਾਲ ਕੀਤੀ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ ਨਾਲ ਕਰਦਿਆਂ ਮੰਡੀ ਵਿਚੋਂ ਫਸਲ ਦੀ ਲਿਫਟਿੰਗ ਵੀ ਤੇਜੀ ਨਾਲ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਥਾਂ ਦੀ ਕੋਈ ਘਾਟ ਨਾ ਆਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਝੋਨੇ ਦੇ ਮੰਡੀਕਰਨ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਕਿਹਾ ਕਿ ਮੰਡੀ ਵਿਚ ਸਫਾਈ, ਪੀਣ ਦੇ ਪਾਣੀ ਅਤੇ ਰੌਸ਼ਨੀ ਦੇ ਪੂਰੇ ਪ੍ਰੰਬਧ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਨੇ ਕਿਹਾ ਕਿ 17 ਫੀਸਦੀ ਤੋਂ ਜਿਆਦਾ ਨਮੀ ਵਾਲੀ ਫਸਲ ਮੰਡੀ ਵਿਚ ਨਾ ਲਿਆਂਦੀ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ। ਇਸੇ ਤਰਾਂ ਫਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ 1968 ਮਿਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਵਿਚ 1490 ਮਿਟ੍ਰਿਕ ਟਨ ਝੋਨੇ ਦੀ ਖਰੀਦ ਹੋ ਗਈ ਸੀ। ਸਰਕਾਰੀ ਭਾਅ 2320 ਰੁ ਪ੍ਰਤੀ ਕੁਇੰਟਲ ਹੈ। ਹਾਲਾਂਕਿ ਮੰਡੀ ਵਿਚ ਬਾਸਮਤੀ ਦੀ ਆਮਦ ਵੀ ਜੋਰ ਫੜ ਰਹੀ ਹੈ ਜਿਸਦੀ ਖਰੀਦ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਬਾਸਮਤੀ ਦੀ ਹੁਣ ਤੱਕ 3210 ਮਿਟ੍ਰਿਕ ਟਨ ਆਮਦ ਹੋਈ ਹੈ ਅਤੇ ਇਸ ਵਿਚੋਂ 2775 ਮਿਟ੍ਰਿਕ ਟਨ ਬਾਸਮਤੀ ਦੀ ਖਰੀਦ ਹੋ ਚੁੱਕੀ ਹੈ। ਇਸ ਮੌਕੇ ਫਾਜ਼ਿਲਕਾ ਦੇ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਤੋਂ ਇਲਾਵ ਮਾਰਕਿਟ ਕਮੇਟੀ ਅਤੇ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ