- ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ : ਸੁਖਬੀਰ ਬਾਦਲ
- ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ
ਫਤਿਹਗੜ੍ਹ ਸਾਹਿਬ, 5 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਕਰਨ ਤੇ ਤੁਸੀਂ ਆਪ ਵੇਖੋ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਵੀਹ ਸਾਲ ਪਿੱਛੇ ਲੈ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਬਾਦਲ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ, ਨੇ ਕਿਹਾ ਕਿ ਪੰਜਾਬੀ ਫੈਸਲਾ ਕਰਨ ਕਿ ਉਹ ਕਿਸਨੂੰ ਸੱਤਾ ਸੌਂਪਣੀ ਚਾਹੁੰਦੇ ਹਨ। ਇਕ ਖੇਤਰੀ ਪਾਰਟੀ ਜਿਸਦਾ ਤੇਜ਼ ਰਫਤਾਰ ਵਿਕਾਸ ਅਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਚਲਾਉਣ ਦਾ ਰਿਕਾਰਡ ਹੈ ਤੇ ਦੂਜੇ ਪਾਸੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਤੇ ਆਪ ਸਰਕਾਰਾਂ ਹਨ ਜਿਹਨਾਂ ਨੇ ਉਹਨਾਂ ਦਾ ਜੀਵਨ ਨਰਕ ਬਣਾ ਰੱਖਿਆ ਹੈ। ਫਤਿਹਗੜ੍ਹ ਸਾਹਿਬ ਵਿਚ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਅਮਲੋਹ ਵਿਚ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਭਾਵੇਂ ਉਹ ਕਿਸਾਨਾਂ ਲਈ ਮੁਫਤ ਬਿਜਲੀ ਦਾ ਵਾਅਦਾ ਹੋਵੇ, ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਸਾਰੀਆਂ ਹੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸ਼ੁਰੂ ਕੀਤੀਆਂ। ਸਰਕਾਰ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੂਬੇ ਵਿਚ ਕੁਝ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਪੰਜਾਬ ਵਿਰੋਧੀ ਸਰਕਾਰਾਂ ਦੀ ਲੋੜ ਨਹੀਂ ਹੈ ਜੋ ਦਿੱਲੀ ਤੋਂ ਹੁਕਮ ਲੈਂਦੀਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮਜੀਤ ਸਿੰਘ ਖਾਲਸਾ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ ਤੇ ਅਮਿਤ ਰਾਠੀ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ। ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਕਦੇ ਵੀ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਵਾਸਤੇ ਨਹੀਂ ਡਟਦੀਆਂ ਤੇ ਨਾ ਹੀ ਉਹਨਾਂ ਦੇ ਹੱਲ ਵਾਸਤੇ ਕੰਮ ਕਰਦੀਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬੀਆਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਉਹ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਸੂਬੇ ਵਿਚ ਇੰਡਸਟਰੀ ਦੇ ਹਿਜ਼ਰਤ ਕਰਨ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸਭਿਆਚਾਰ ਅਤੇ ਫਿਰੌਤੀਆਂ ਵਿਚ ਵਾਧੇ ਕਾਰਨ ਨਿਵੇਸ਼ ਦਾ ਮਾਹੌਲ ਢਹਿ ਢੇਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਤੋਂ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਪਿਛਲੇ ਦੋ ਸਾਲਾਂ ਵਿਚ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਚਲਾ ਗਿਆ ਹੈ। ਉਹਨਾਂ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰ ਸਭਿਆਚਾਰ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਨੂੰ ਨਿਵੇਸ਼ ਦੀ ਆਕਰਸ਼ਕ ਥਾਂ ਬਣਾ ਕੇ ਇਥੇ ਉਦਯੋਗ ਲਿਆਵਾਂਗੇ ਤੇ ਨੌਕਰੀਆਂ ਦੇ ਮੌਕੇ ਸਿਰਜਾਂਗੇ।