ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ 2025 ਦੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ

  • ਕਿਹਾ, ਪੂਰੇ ਸ਼ਾਨੋ-ਸ਼ੌਕਤ,ਦੇਸ਼ ਭਗਤੀ ਦੀ ਭਾਵਨਾਂ ਨਾਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ  ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ
  • ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
  • ਕਿਹਾ, ਜ਼ਿਲ੍ਹਾ ਪੱਧਰੀ ਸਮਾਗਮ ਦੇ ਓਵਰਆਲ ਇੰਨਚਾਰਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਹੋਣਗੇ

ਮਾਲੇਰਕੋਟਲਾ, 07 ਜਨਵਰੀ 2025 : 26 ਜਨਵਰੀ 2025 ਨੂੰ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਵਿੱਢਣ ਵਾਸਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ।ਇਸ ਮੌਕੇ ਐਸ.ਪੀ.ਸਵਰਨਜੀਤ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਸਿਵਲ ਸਰਜਨ ਡਾ. ਸੰਜੇ ਗੋਇਲ, ਡੀ.ਐਸ.ਪੀ. ਰਣਜੀਤ ਸਿੰਘ ,ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ,ਸੀ.ਡੀ.ਪੀ.ਓ ਪਵਨ ਕੁਮਾਰ,ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਦਲਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੇ ਓਵਰਆਲ ਇੰਨਚਾਰਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਹੋਣਗੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਗਣਤੰਤਰ ਦਿਵਸ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਇਸ ਮਹੱਤਪੂਰਣ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣਗੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਨਗਰ ਕੌਸਲ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਸਟੇਡੀਅਮ ਦੇ ਬਹਾਰ ਦੀ ਸਫਾਈ, ਸਜਾਵਟ, ਰੌਸ਼ਨੀ,ਆਰਜੀ ਪਖਾਨੇ, ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਪੀਣ ਵਾਲੇ ਸਾਫ ਸੁਥਰੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਅਤੇ ਰਿਹਰਸਲ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਦਵਾਈਆਂ ਅਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕਰਨ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸੁਚੱਜੇ ਪ੍ਰਬੰਧਾਂ ਲਈ ਵਿਭਾਗ ਨੂੰ ਰਿਹਰਸਲਾਂ ਦੌਰਾਨ ਆਪਣਾ ਇਕ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਧ ਤੋਂ ਵੱਧ ਸਕੂਲਾਂ/ਕਾਲਜਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਚਿਣਗ ਪੈਦਾ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।