- ਕਮੇਟੀ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਖਬਰਾਂ/ਵਿਗਿਆਪਨ ਦੀ ਕਰੇਗੀ ਨਿਗਰਾਨੀ
- ਲੋਕ ਸਭਾ ਚੋਣਾਂ 'ਚ ਪੇਡ ਨਿਊਜ਼ 'ਤੇ ਸਖ਼ਤ ਨਜ਼ਰ ਰੱਖੇਗਾ ਪ੍ਰਸ਼ਾਸ਼ਨ : ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ, 18 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ 'ਤੇ ਤਿੱਖੀ ਨਜ਼ਰ ਰੱਖੇਗਾ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤ ਪਾਲ ਸਿੰਘ ਗਿੱਲ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿੱਚ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦੇ ਕਮਰੇ ਦਾ ਦੌਰਾ ਕੀਤਾ ਅਤੇ ਕਿਹਾ ਕਿ ਇਹ ਕਮੇਟੀ ਪੇਡ ਨਿਊਜ਼ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਪ੍ਰਿੰਟ, ਇਲੈਕਟ੍ਰਾਨਿਕ/ਸੋਸ਼ਲ ਮੀਡੀਆ ਰਾਹੀਂ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ 'ਤੇ ਨਜ਼ਰ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਕਿਹਾ ਕਿ ਇਨ੍ਹਾਂ ਚੀਜ਼ਾਂ 'ਤੇ ਹੋਣ ਵਾਲੇ ਖਰਚੇ ਉਮੀਦਵਾਰਾਂ ਦੇ ਖਾਤੇ ਵਿੱਚ ਸ਼ਾਮਲ ਕੀਤੇ ਜਾਣਗੇ। ਇਹ ਕਮੇਟੀ ਨਿਊਜ਼ ਚੈਨਲਾਂ/ਸੋਸ਼ਲ ਮੀਡੀਆ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਖ਼ਬਰਾਂ ਦੀ ਸਮੱਗਰੀ ਦੀ ਵੀ ਨੇੜਿਓਂ ਨਿਗਰਾਨੀ ਕਰੇਗੀ। ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸ਼ੱਕੀ ਖ਼ਬਰਾਂ, ਸਿੱਧੇ ਜਾਂ ਅਸਿੱਧੇ ਤੌਰ 'ਤੇ ਉਮੀਦਵਾਰ ਦਾ ਪ੍ਰਚਾਰ ਕਰਨ ਵਾਲੇ ਲੇਖਾਂ 'ਤੇ ਨਿਗਰਾਨੀ ਰੱਖਣ ਲਈ ਸਾਰੇ ਮੈਂਬਰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਸਾਹਨੀ ਨੇ ਕਿਹਾ ਕਿ ਕਮੇਟੀ ਨੂੰ ਇਸ਼ਤਿਹਾਰਾਂ ਦੀ ਤਸਦੀਕ ਕਰਨ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਖ਼ਬਰਾਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਸਾਰੀਆਂ ਖ਼ਬਰਾਂ ਦਾ ਰਿਕਾਰਡ ਰੱਖਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਮੇਟੀ ਉਮੀਦਵਾਰਾਂ ਦੁਆਰਾ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਸਮੱਗਰੀ ਨੂੰ ਇਲੈਕਟ੍ਰਾਨਿਕ/ਸੋਸ਼ਲ ਮੀਡੀਆ 'ਤੇ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਵੀ ਤਸਦੀਕ ਕਰੇਗੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ 'ਤੇ ਵੀ ਨਜ਼ਰ ਰੱਖੀ ਜਾਵੇਗੀ।