
ਸ਼੍ਰੀ ਫ਼ਤਹਿਗੜ੍ਹ ਸਾਹਿਬ, 15 ਜਨਵਰੀ 2025 : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤ ਸਿੰਘ ਆਡੀਟੌਰੀਅਮ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕਰਦਿਆ ਕਿਹਾ ਕਿ ਲ਼ੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ ਵਿਕਸਤ ਹੋ ਰਹੀ ਹੈ ਤਾਂ ਅਜਿਹੇ ਦੌਰ ਵਿੱਚ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣਾ ਚਾਹੀਦਾ ਹੈ ਅਤੇ ਲੜਕੀਆਂ ਨੂੰ ਹੱਕ ਦੇ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧੀਆਂ ਦੇ ਸਤਿਕਾਰ ਅਤੇ ਨਾਰੀ ਸਸ਼ਕਤੀਕਰਨ ਤਹਿਤ ਅਨੇਕਾਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਨਵ ਜੰਮੀਆਂ ਬੱਚੀਆਂ ਨੂੰ ਸਮਾਜ ਦਾ ਅਧਿਕਾਰ ਦਿਵਾਉਣ ਅਤੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ।