- ਡੀ ਏ ਪੀ ਦੇ ਬਦਲ ਵਜੋਂ ਹੋਰ ਖਾਦਾਂ ਵਰਤ ਸਕਦਾ ਹੈ ਕਿਸਾਨ
ਫਰੀਦਕੋਟ 12 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਨਾਇਬ ਤਹਿਸੀਲਦਾਰ ਹਰਸ਼ ਗਰਗ , ਡਾ.ਰਮਨਦੀਪ ਸਿੰਘ , ਡਾ.ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਇੰਫੋਰਸਮੈਂਟ ਅਤੇ ਖੇਤੀ ਉਪ ਨਿਰੀਖਕ ਹਰਜਿੰਦਰ ਸਿੰਘ ਅਤੇ ਨਰਿੰਦਰ ਕੁਮਾਰ ਸ਼ਾਮਿਲ ਸਨ। ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ। ਚੈਕਿੰਗ ਦੌਰਾਨ ਜਿਨ੍ਹਾਂ ਖਾਦ ਵਿਕਰੇਤਾਵਾਂ ਦੇ ਰਿਕਾਰਡ ਵਿਚ ਕਮੀਆਂ ਪਾਈਆਂ ਗਈਆਂ ,ਉਨਾਂ ਨੂੰ ਕਾਰਨ ਦਸੋ ਨੋਟਿਸ ਵੀ ਜਾਰੀ ਕੀਤੇ ਗਏ।