ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਸ਼੍ਰੀ ਫ਼ਤਹਿਗੜ੍ਹ ਸਾਹਿਬ, 24 ਦਸੰਬਰ 2024 : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਨਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਨੇੜੇ ਸਥਿਤ ਟਿੱਲੇ ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਦੀ ਸਹੂਲਤ ਲਈ ਲਗਭਗ 100 ਮੁਫਤ ਬੱਸਾਂ ਤੇ ਈ. ਰਿਕਸ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ 06 ਪੁੱਛਗਿੱਛ ਕੇਂਦਰ ਤੇ 05 ਰੈਣ ਬਸੇਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਇੱਕ ਰੈਣ ਬਸੇਰਾ ਸਥਾਪਤ ਕੀਤਾ ਗਿਆ ਹੈ ਜਿਥੇ ਕਿ ਬਜ਼ੁਰਗ, ਔਰਤਾਂ ਤੇ ਬੱਚਿਆਂ ਦੇ ਆਰਾਮ ਕਰਨ ਲਈ ਪ੍ਰਬੰਧ ਕੀਤਾ ਗਿਆ ਹੈ।