- ਭਾਰਤੀ ਸੰਵਿਧਾਨ ਨਿਰਮਾਤਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
ਲੁਧਿਆਣਾ, 15 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਭਾਈਵਾਲ ਬਣਨਾ ਹੀ ਡਾ.ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਮਹਾਨ ਦੂਰਅੰਦੇਸ਼ੀ, ਮਹਾਨ ਰਾਜਨੇਤਾ ਅਤੇ ਸਮਾਜ ਸੁਧਾਰਕ ਸਨ ਅਤੇ ਉਹ ਸਮਾਜਿਕ ਅਤੇ ਆਰਥਿਕ ਸਮਾਨਤਾ ਵਾਲਾ ਲੋਕਤੰਤਰੀ ਭਾਰਤ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਸਿਧਾਂਤ ਵੋਟ ਦੇ ਅਧਿਕਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਡਾ. ਅੰਬੇਡਕਰ ਦੇ ਫ਼ਲਸਫ਼ੇ ਅਤੇ ਵਿਚਾਰਧਾਰਾ ਨੂੰ ਹਕੀਕਤ ਵਿੱਚ ਉਭਾਰਨ ਦੀ ਲੋੜ ਹੈ ਅਤੇ ਨੈਤਿਕਤਾ ਅਤੇ ਸਮਝਦਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ। ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਨੌਜਵਾਨਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀਆਂ ਖਾਹਿਸ਼ਾਂ ਤਾਂ ਹੀ ਸਾਕਾਰ ਹੋ ਸਕਦੀਆਂ ਹਨ ਜੇਕਰ ਅਸੀਂ ਸਾਰੇ ਲੋਕਤੰਤਰੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।