ਸ੍ਰੀ ਮੁਕਤਸਰ ਸਾਹਿਬ 26 ਨਵੰਬਰ 2024 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸ: ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ੍ਰ਼ੀ ਮੁਕਤਸਰ ਸਾਹਿਬ ਵੱਲੋਂ ਕਣਕ ਦੀ ਫ਼ਸਲ ਸਬੰਧੀ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਬੁੱਢੀਮਾਲ ਵਿਖੇ ਜਿੱਥੇ ਕਿਸਾਨ ਗੁਰਭੇਜ ਸਿੰਘ ਦੀ ਕਣਕ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਗਿਆ ਦਾ ਸਰਵੇਖਣ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਕਿਉਂਕਿ ਤਾਪਮਾਨ ਜਿ਼ਆਦਾ ਹੋਣ ਕਾਰਨ ਅਤੇ ਨਾਲ ਦੇ ਖੇਤਾਂ ਵਿੱਚ ਬਾਸਮਤੀ ਦੀ ਕਟਾਈ ਲੇਟ ਹੋਣ ਕਾਰਨ ਕਈ ਵਾਰ ਗੁਲਾਬੀ ਸੁੰਡੀ ਦਾ ਹਮਲਾ ਅਗੇਤੀ ਬੀਜੀ ਗਈ ਕਣਕ ਦੀ ਫ਼ਸਲ ਤੇ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤ ਵਿੱਚ ਕਣਕ ਉਪਰ ਗੁਲਾਬੀ ਸੁੰਡੀ ਦਾ ਹਮਲਾ ਹੁੰਦਾ ਹੈ ਤਾਂ ਪੀ.ਏ.ਯੂ. ਲੁਧਿਆਣਾ ਦੀਆਂ ਸਿ਼ਫਾਰਸ਼ਾਂ ਅਨੁਸਾਰ ਕਿਸਾਨਾਂ ਨੂੰ ਕੀਟਨਾਸ਼ਕ ਦਵਾਈ ਜਿਵੇਂ ਕਿ 50 ਮਿ.ਲੀ: ਪ੍ਰਤੀ ਏਕੜ ਕੋਰਾਜ਼ਨ 18.5 ਪ੍ਰਤੀਸ਼ਤ ਐਸ.ਸੀ. (ਕਲੋਰ ਐਟਰਾਨਿਲੀਪਰੋਲ) 80 ਤੋਂ 100 ਲੀਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰਨ ਦੀ ਸਿ਼ਫਾਰਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਆਉਣ ਵਾਲੇ ਦਿਨਾਂ ਵਿੱਚ ਫ਼ਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਗੇ। ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਰਜ਼ੀ ਜਾਂ ਵੇਖਾ ਵੇਖੀ ਕਿਸੇ ਵੀ ਪੈਸਟੀਸਾਈਡ ਆਦਿ ਦਾ ਸਪਰੇਅ ਨਾ ਕਰਨ ਸਗੋਂ ਆਪਣੇ ਇਲਾਕੇ ਦੇ ਖੇਤੀਬਾੜੀ ਮਾਹਿਰ ਦੀ ਸਲਾਹ ਅਨੁਸਾਰ ਪੀ.ਏ.ਯੂ ਦੇ ਸਿ਼ਫਾਰਸ਼ ਕੀਤੇ ਜ਼ਹਿਰਾਂ ਦੀ ਹੀ ਵਰਤੋਂ ਕੀਤੀ ਜਾਵੇ। ਇਸ ਤੋਂ ਇਲਾਵਾ ਜੇਕਰ ਕਿਸੇ ਕਿਸਾਨ ਨੂੰ ਕਿਸੇ ਤਰਾਂ ਦੀ ਕੋਈ ਮੁ਼ਸਕਿਲ ਪੇਸ਼ ਆਉਦੀ ਹੈ ਤਾਂ ਉਸ ਸਬੰਧੀ ਉਸ ਬਲਾਕ ਦੇ ਸਬੰਧਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ। ਇਸ ਮੌਕੇ ਸ਼੍ਰੀ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਸ਼੍ਰੀ ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।