- ਚੋਣਾਂ ਪੂਰੀ ਤਰਾਂ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ- ਐਸਐਸਪੀ ਵਰਿੰਦਰ ਸਿੰਘ ਬਰਾੜ
ਫਾਜ਼ਿਲਕਾ 11 ਅਕਤੂਬਰ 2024 : 15 ਅਕਤੂਬਰ ਨੂੰ ਆਮ ਪੰਚਾਇਤ ਚੋਣਾਂ ਲਈ ਹੋ ਰਹੇ ਮਤਦਾਨ ਤੋਂ ਪਹਿਲਾਂ ਜ਼ਿਲਾ ਪੁਲਿਸ ਵੱਲੋਂ ਅੱਜ ਇੱਥੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ। ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਨੇ ਇਸ ਮੌਕੇ ਸਮੂਹ ਪੁਲਿਸ ਫੋਰਸ ਨੂੰ ਆਖਿਆ ਕਿ ਉਹ ਪੇਸ਼ੇਵਰਾਨਾ ਤਰੀਕੇ ਨਾਲ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਉਣ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ। ਇਸ ਮੌਕੇ ਐਸ.ਪੀ ਪ੍ਰਦੀਪ ਸਿੰਘ ਸੰਧੂ, ਐਸ.ਪੀ ਰਮਨੀਸ਼ ਚੌਧਰੀ, ਐਸ.ਪੀ ਕਰਨਵੀਰ ਸਿੰਘ, ਸਮੂਹ ਡੀ.ਐਸ.ਪੀਜ਼ ਅਤੇ ਥਾਣਾ ਮੁਖੀ ਹਾਜ਼ਰ ਸਨ।