ਬਰਨਾਲਾ, 12 ਸਤੰਬਰ 2024 : ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ. ਸੀ. ਐੱਸ. ਐੱਮ. ਡਾਕਟਰਾਂ से ਹੜਤਾਲ 'ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਓ. ਪੀ. ਡੀ. ਦਾ ਕੰਮ ਨਿਰਵਿਘਨ ਚਾਲੂ ਰੱਖਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸਿਹਤ ਸੇਵਾਵਾਂ ਲਗਾਤਾਰ ਵਧੀਆ ਚੱਲ ਰਹੀਆ ਹਨ ਅਤੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਚੈੱਕਅੱਪ ਅਤੇ ਟੀਕਾਕਰਜਨ ਸੇਵਾਵਾਂ ਵੀ ਸੁਚੱਜੇ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ ਅਤੇ ਹਸਪਤਾਲ 'ਚ ਜਣੇਪੇ ਵੀ ਲਗਾਤਾਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਸਹੂਲਤਾਂ ਸੰਬੰਧੀ ਜਿੰਨੇ ਵੀ ਪ੍ਰੋਗਰਾਮ ਚੱਲ ਰਹੇ ਹਨ, ਉਨ੍ਹਾਂ ਦਾ ਲਾਭ ਵੀ ਮਰੀਜ਼ਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਆਖਿਆ ਕਿ ਪੀ ਸੀ ਐੱਮ ਐੱਸ ਡਾਕਟਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ 9 ਤੋਂ 11 ਸਤੰਬਰ ਤੱਕ ਸਵੇਰੇ 8 ਤੋਂ 11 ਵਜੇ ਤਕ ਅੱਧੇ ਦਿਨ ਦੀ ਓ ਪੀ ਡੀ ਬੰਦ ਕਰਕੇ ਹੜਤਾਲ ਕੀਤੀ ਗਈ ਸੀ, ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਆਮ ਵਾਂਗ ਮੁਹਈਆ ਕਰਵਾਈਆਂ ਗਈਆਂ ਅਤੇ 11 ਵਜੇ ਤੋਂ ਬਾਅਦ ਡਾਕਟਰਾਂ ਵਲੋਂ ਡਿਊਟੀ 'ਤੇ ਪਰਤ ਕੇ ਮਰੀਜ਼ਾਂ ਦਾ ਆਮ ਵਾਂਗ ਚੈੱਕਅਪ ਕੀਤਾ ਗਿਆ ਤਾਂ ਜੋ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।