
- ਡੇਂਗੂ, ਮਲੇਰੀਆ ਅਤੇ ਗਰਮੀ ਦੀ ਰੁੱਤ ਦੀਆਂ ਬੀਮਾਰੀਆਂ ਦੀ ਰੋਕਥਾਮ ਸਬੰਧੀ ਹਰੇਕ ਸਕੂਲ ਵਿਚ ਵਿਦਿਆਰਥੀਆਂ ਨੂੰ ਕੀਤਾ ਜਾਵੇ ਜਾਗਰੁਕ: ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ
ਸ੍ਰੀ ਮੁਕਤਸਰ ਸਾਹਿਬ, 05 ਮਈ 2025 : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਵਲੋਂ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਦੋਦਾ ਵਿਖੇ ਡੇਂਗੂ, ਮਲੇਰੀਆ ਅਤੇ ਗਰਮੀ ਦੀ ਰੁੱਤ ਦੀਆਂ ਬੀਮਾਰੀਆਂ ਦੀ ਰੋਕਥਾਮ ਸਬੰਧੀ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਟਰੇਨਿੰਗ ਵਰਕਸ਼ਾਪ ਲਗਾਈ ਗਈ, ਜਿਸ ਵਿਚ ਦੋਦਾ ਬਲਾਕ-2 ਦੇ ਅਧਿਆਪਕਾਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਸਾਰੇ ਸਕੂਲਾਂ ਵਿਚ ਡੇਂਗੂ, ਮਲੇਰੀਆ, ਹੀਟ ਵੇਵ, ਗਰਮੀ ਰੁੱਤ ਦੀਆਂ ਬੀਮਾਰੀਆਂ ਦੀ ਰੋਕਥਾਮ ਲਈ ਰੋਜਾਨਾ ਗਤੀਵਿਧੀਆਂ ਕੀਤੀਆਂ ਜਾਣ। ਇਸ ਦੋਰਾਨ ਉਨ੍ਹਾਂ ਕਿਹਾ ਕਿ ਗਰਮੀ ਦਾ ਮੋਸਮ ਸ਼ੁਰੂ ਹੋਣ ਨਾਲ ਮੱਛਰ ਪੈਦਾ ਹੋ ਰਹੇ ਹਨ ਜਿਸ ਕਰਕੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੁਕ ਕੀਤਾ ਜਾਵੇ। ਉਨ੍ਹਾਂ ਸਾਰੇ ਅਧਿਆਪਕਾਂ ਨੂੰ ਕਿਹਾ ਕਿ ਉਹ ਹਰ ਸ਼ੁੱਕਰਵਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਆਪਣੇ ਆਪਣੇ ਸਕੁਲਾਂ ਵਿੱਚ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਪਾਣੀ ਖੜਣ ਵਾਲੀਆ ਥਾਵਾਂ ਅਤੇ ਪਾਣੀ ਦੇ ਸੋਮਿਆਂ ਦੀ ਜਾਂਚ ਕਰਨ ਅਤੇ ਇਕ ਹਫਤੇ ਤੋਂ ਵੱਧ ਖੜੇ ਪਾਣੀ ਨੂੰ ਨਸ਼ਟ ਕੀਤਾ ਜਾਵੇ ਅਤੇ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਹੋਣ ਵਾਲੀਆ ਬੀਮਾਰੀਆਂ ਜਿਵੇਂ ਕਿ ਲੂ ਲੱਗਣਾ, ਹੈਜ਼ਾ,ਪੀਲੀਆ ਆਦਿ ਪ੍ਰਤੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੁਕ ਕੀਤਾ ਜਾਵੇ। ਆਉਣ ਵਾਲੇ ਦਿਨਾਂ ਵਿਚ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਬੁਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ।ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗਰਮੀ ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ’ਤੇ ਹੀ ਨਿਕਲਿਆ ਜਾਵੇ। ਇਸ ਸਮੇਂ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਵਿਚ ਇੱਕ ਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਕਰੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਟੈਸਟ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਅਧਿਆਪਕ ਕਰਮਜੀਤ ਕੌਰ, ਲਖਵਿੰਦਰ ਕੌਰ, ਅਨੀਤਾ ਗੋਇਲ ਤੋ ਇਲਾਵਾ ਸੱਤਪਾਲ ਸਿੰਘ ਮ.ਪ.ਹ.ਸ ਮੇਲ, ਗੁਰਤੇਜ ਸਿੰਘ, ਮਨਛਿੰਦਰ ਸਿੰਘ ਮ.ਪ.ਹ.ਵ ਮੇਲ ਹਾਜ਼ਰ ਸਨ।