
- 4.25 ਕਰੋੜ ਦੀ ਲਾਗਤ ਨਾਲ ਬਣਿਆ ਹਸਪਤਾਲ, ਪ੍ਰਦਾਨ ਕਰੇਗਾ ਮਿਆਰੀ ਡਾਕਟਰੀ ਸੇਵਾਵਾਂ
- ਰਾਜ ਸਭਾ ਮੈਂਬਰ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੇ ਹਸਪਤਾਲ ਲਈ 10 ਲੱਖ ਰੁਪਏ ਅਤੇ ਹਾਈਟੈਕ ਐਂਬੂਲੈਂਸ ਦੇਣ ਦਾ ਐਲਾਨ
ਲੁਧਿਆਣਾ, 6 ਦਸੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਉੱਤਰੀ ਹਲਕੇ ਵਿੱਚ 30 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ, ਵਿਧਾਇਕ ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸ੍ਰੀ ਸੁਰੇਸ਼ ਗੋਇਲ, ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ ਅਤੇ ਹੋਰ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਸ ਹਸਪਤਾਲ ਨੂੰ 10 ਬਿਸਤਰਿਆਂ ਵਾਲੀ ਸਹੂਲਤ ਵਜੋਂ ਚਲਾਇਆ ਜਾਵੇਗਾ ਅਤੇ ਬਾਅਦ ਵਿੱਚ ਇਸ ਨੂੰ 30 ਬਿਸਤਰਿਆਂ ਤੱਕ ਵਧਾ ਦਿੱਤਾ ਜਾਵੇਗਾ। ਇੱਥੇ ਦੋ ਮੈਡੀਕਲ ਅਫਸਰ, ਨਰਸਾਂ, ਫਾਰਮਾਸਿਸਟ ਆਦਿ ਸਮੇਤ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ। ਇਹ ਇਮਾਰਤ 4.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਹ ਨੇੜਲੇ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਮ ਓ.ਪੀ.ਡੀ, ਐਮਰਜੈਂਸੀ, ਦੰਦਾਂ, ਜੱਚਾ ਅਤੇ ਬੱਚੇ ਦੀਆਂ ਸੇਵਾਵਾਂ, ਅੱਖਾਂ, ਐਕਸਰੇ ਅਤੇ ਬੁਨਿਆਦੀ ਲੈਬ ਟੈਸਟਾਂ ਸਮੇਤ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰੇਗੀ। ਇੱਥੇ ਡਾਇਲਸਿਸ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਅਗਲੇ ਸਾਲ ਤੱਕ ਲੋਕਾਂ ਲਈ ਪੰਜ ਸਿਹਤ ਕੇਂਦਰ ਖੋਲ੍ਹੇ ਜਾਣਗੇ ਤਾਂ ਜੋ ਲੋਕ ਆਪਣੇ ਇਲਾਕੇ ਦੇ ਆਸ-ਪਾਸ ਹੀ ਮਿਆਰੀ ਮੈਡੀਕਲ ਸੇਵਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਲਈ 17 ਨਵੇਂ ਡਾਕਟਰ ਪਹਿਲਾਂ ਹੀ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ 24 ਘੰਟੇ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ, ਸੀ.ਐਮ ਦੀ ਯੋਗਸ਼ਾਲਾ, ਫਰਿਸ਼ਤੇ, ਸੜਕ ਸੁਰੱਖਿਆ ਫੋਰਸ ਪ੍ਰੋਜੈਕਟਾਂ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਵੀ 2014 ਤੋਂ ਇਸ ਯੂ.ਸੀ.ਐਚ.ਸੀ ਨੂੰ ਨਾ ਚਲਾਉਣ ਲਈ ਆਲੋਚਨਾ ਕੀਤੀ। ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਹਨਾਂ ਕਿਹਾ ਕਿ ਜਨਵਰੀ 2025 ਤੱਕ ਲੁਧਿਆਣਾ ਸਿਵਲ ਹਸਪਤਾਲ ਨੂੰ ਇੱਕ ਅਤਿ-ਆਧੁਨਿਕ ਮੈਡੀਕਲ ਸਹੂਲਤ ਵਿੱਚ ਬਦਲ ਦਿੱਤਾ ਜਾਵੇਗਾ ਜੋ ਪ੍ਰਾਈਵੇਟ ਕਾਰਪੋਰੇਟ ਹਸਪਤਾਲਾਂ ਦੇ ਮੁਕਾਬਲੇ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਦੇ ਸਮਰਥਨ ਦੀ ਗੱਲ ਮੰਨੀ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਾਰੇ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਨੂੰ ਜ਼ਰੂਰੀ ਸਾਜ਼ੋ-ਸਾਮਾਨ, ਦਵਾਈਆਂ ਅਤੇ ਮਰੀਜ਼ਾਂ ਦੀ ਸਰੀਰਕ ਅਤੇ ਮਨੋਵਿਗਿਆਨਕ ਸਿਹਤਯਾਬੀ ਲਈ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਨਾ ਹੈ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਹਲਕੇ ਦੇ ਹਸਪਤਾਲ ਲਈ 10 ਲੱਖ ਰੁਪਏ ਅਤੇ ਨਵੀਂ ਹਾਈਟੈਕ ਐਂਬੂਲੈਂਸ ਦੇਣ ਦਾ ਐਲਾਨ ਕੀਤਾ।