- ਹੈਲਪ ਲਾਇਨ ਨੰਬਰ 1076 ਤੇ ਘਰ ਬੈਠੇ ਹਾਸਲ ਕੀਤੀਆਂ ਜਾ ਸਕਦੀਆਂ ਹਨ 43 ਤਰ੍ਹਾਂ ਦੀਆਂ ਸੇਵਾਵਾਂ
- ਹੁਣ ਤੱਕ ਜ਼ਿਲ੍ਹੇ ਦੇ 809 ਨਾਗਰਿਕਾਂ ਨੂੰ ਘਰ ਬੈਠੇ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ
ਫ਼ਤਹਿਗੜ੍ਹ ਸਾਹਿਬ, 02 ਅਗਸਤ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਹੀ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਜ਼ਿਲ੍ਹੇ ਦੇ ਲੋਕਾਂ ਲਈ ਕਾਫੀ ਸਹਾਈ ਸਿੱਧ ਹੋ ਰਹੀ ਹੈ ਅਤੇ ਇਸ ਹੈਲਪ ਲਾਇਨ ਰਾਹੀਂ ਹੁਣ ਤੱਕ ਜ਼ਿਲ੍ਹੇ ਦੇ 809 ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਦਾ ਘਰ ਬੈਠੇ ਹੀ ਲਾਭ ਹਾਸਲ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਹੈਲਪ ਲਾਇਨ ਰਾਹੀਂ ਜ਼ਿਲ੍ਹੇ ਦੇ 864 ਨਾਗਰਿਕਾਂ ਵੱਲੋਂ ਸੇਵਾਵਾਂ ਲੈਣ ਲਈ ਸੰਪਰਕ ਕੀਤਾ ਗਿਆ ਸੀ ਜਿਸ ਵਿੱਚੋਂ 809 ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਨਾਗਰਿਕ 1076 ਤੇ ਫੋਨ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਿਲ ਹਨ, ਦਾ ਲਾਭ ਹਾਸਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਦਫਤਰਾਂ ਨਾਲ ਸਬੰਧਤ ਇੰਨ੍ਹਾਂ ਸਰਕਾਰੀ ਸੇਵਾਵਾਂ ਲਈ ਪ੍ਰਾਰਥੀ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ ਵਿਚ 03 ਪ੍ਰਤੀਨਿਧੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦੇ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਂਇੰਦਾ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ।