
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂ/ਕਨਵੀਨਰ ਸੁਖਵਿੰਦਰ ਸਿੰਘ ਚਾਹਲ ਸੂਬਾ ਪ੍ਰਧਾਨ ਜੀ.ਟੀ.ਯੂ., ਸੁਪਿੰਦਰ ਸਿੰਘ ਜਿਲਾ ਪ੍ਰਧਾਨ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵੱਲੋਂ ਲਗਾਤਾਰ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਅਤੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਸਮੇਂ ਗੈਰਸੰਜੀਦਾ ਅਤੇ ਹੰਕਾਰੀ ਰਵੱਈਏ ਖਿਲਾਫ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ (ਦਿੱਗ ਵਿਜੇਪਾਲ ਸ਼ਰਮਾ) ਵਲੋਂ 11 ਜਨਵਰੀ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਰੈਲੀ ਉਪਰੰਤ ਘਰ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਸ ਰੋਸ ਰੈਲੀ ਵਿੱਚ ਆਗੂਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੰਕਾਰੀ ਬਤੀਰੇ ਅਤੇ ਗਰੀਬ ਦੇ ਬੱਚਿਆਂ ਦੀ ਸਿੱਖਿਆ ਨੂੰ ਖਤਮ ਕਰਨ, ਅਧਿਆਪਕਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਸਬੰਧੀ ਟਾਲ ਮਟੋਲ ਦੀ ਨੀਤੀ ਸਬੰਧੀ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਾ ਕਰਨ ਸਬੰਧੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਨੂੰ ਬੰਦ ਕਰਨ ਸਬੰਧੀ, ਸੀ ਐਂਡ ਵੀ ਕਾਡਰ ਦੇ ਅਧਿਆਪਕਾਂ ਦੀ ਰਿਕਵਰੀ ਸਬੰਧੀ ਸਾਂਝੇ ਅਧਿਆਪਕ ਮੋਰਚੇ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਸਬੰਧੀ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ ਜਿਸ ਕਰਕੇ ਸਿੱਖਿਆ ਮੰਤਰੀ ਵੱਲੋਂ 14 ਜਨਵਰੀ ਨੂੰ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਨ ਲਈ ਸੱਦਾ ਦਿੱਤਾ ਗਿਆ। ਅੱਜ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ ਜੇਕਰ ਸਿੱਖਿਆ ਮੰਤਰੀ ਵੱਲੋਂ 14 ਜਨਵਰੀ ਦੀ ਮੀਟਿੰਗ ਵਿੱਚ ਅਧਿਆਪਕਾਂ ਅਤੇ ਸਰਕਾਰੀ ਸਿੱਖਿਆ ਸਬੰਧੀ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਕੋਈ ਠੋਸ ਫੈਸਲੇ ਨਹੀਂ ਕੀਤੇ ਤਾਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰ ਫਰੰਟ (ਦਿਗ ਵਿਜੇਪਾਲ ਸ਼ਰਮਾ) ਵੱਲੋਂ 19 ਜਨਵਰੀ ਨੂੰ ਮੁੜ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਆਨੰਦਪੁਰ ਸਾਹਿਬ) ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ ਦੀ ਹੋਵੇਗੀ। ਇਸ ਮੀਟਿੰਗ ਵਿੱਚ ਸਪਿੰਦਰ ਸਿੰਘ, ਰਾਜੇਸ਼ ਕੁਮਾਰ ਅਮਲੋਹ, ਕੁਲਜੀਤ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਬਲਵੀਰ ਸਿੰਘ ਮੁੱਲਾਪੁਰੀ, ਸਤਿੰਦਰ ਸਿੰਘ, ਗੌਰਵ ਬਾਂਸਲ, ਬੇਅੰਤ ਭਾਂਬਰੀ, ਪ੍ਰਗਟ ਸਿੰਘ ਆਦਿ ਆਗੂ ਹਾਜ਼ਰ ਸਨ।