ਪਟਿਆਲਾ, 07 ਅਗਸਤ 2024 : ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ ’ਤੇ ਦਿੱਤੀ ਜਾ ਸਬਸਿਡੀ ਨੂੰ ਖ਼ਤਮ ਕਰਨ ਸਮੇਤ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਲਗਾਏ ਜਾਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਰਕਾਰ ਦੇ ਇਸ ਮਾਰੂ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਪਟਿਆਲਾ ਪਹੁੰਚੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੈਗ ਦੀ ਰਿਪੋਰਟ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ਿਆਂ ਸਮੇਤ ਆਰਥਿਕ ਸਥਿਤੀ ਦੇ ਪਾਜ ਉਧੇੜ ਕੇ ਰੱਖ ਦਿੱਤੇ ਹਨ। ਉਨ੍ਹਾਂ ਕਿਹਾ ਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਸਰਕਾਰ ਕਰਜ਼ਾ ਚੁੱਕ ਪੰਜਾਬ ਦੀ ਆਰਥਿਕ ਸਥਿਤੀ ਨੂੰ ਹੋਰ ਵੀ ਪਤਲਾ ਕਰ ਰਹੀ ਹੈ। ਇਸ ਮੌਕੇ ਪ੍ਰੋ.ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ’ਤੇ ਲੋਕਾਂ ’ਤੇ 2400 ਕਰੋੜ ਰੁਪਏ ਦਾ ਵਾਧੂ ਬੋਝ ਪਾ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨ ਵਰਗਾ ਮਾਰੂ ਫੈਸਲਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਗ ਦੀ ਰਿਪੋਰਟ ਨੇ ਸਰਕਾਰ ਵਿਚ ਹੋਰ ਰਹੇ ਕਈ ਘੋਟਾਲਿਆਂ ਨੂੰ ਵੀ ਬੇਨਕਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਸਰਕਾਰ ਹੋਰਨਾਂ ਵਸਤਾਂ ਰਾਹੀਂ ਆਮ ਲੋਕਾਂ ’ਤੇ ਭਾਰ ਨੂੰ ਵਧਾਉਣ ’ਤੇ ਲੱਗੀ ਹੈ, ਜਿਸ ਕਰਕੇ ਹੋਰ ਖਾਣ ਪੀਣ ਵਾਲੀਆਂ ਵਸਤਾਂ ’ਤੇ ਵੀ ਵੱਡਾ ਅਸਰ ਪੈਣ ਨਾਲ ਲੋਕਾਂ ਨੂੰ ਹੋਰ ਵੀ ਮੰਦਹਾਲੀ ਝੱਲਣੀ ਪੈ ਸਕਦੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ’ਤੇ ਲੱਗਣ ਵਾਲਾ ਵੈਟ ਵਧਾ ਦਿੱਤਾ ਗਿਆ ਹੈ, ਜਿਸ ਨਾਲ ਪੈਟਰੋਲ 61 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਇਹ ਫ਼ੈਸਲਾ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਵਾਰ ਫਿਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈਕੇ ਬੀਤੇ ਦਿਨੀਂ ਕਾਂਗਰਸ ਪਾਰਟੀ ਵੱਲੋਂ ਵੀ ਸੂਬੇ ਭਰ ਵਿੱਚ ਆਪ ਖਿਲਾਫ ਰੋਸ ਮੁਜਾਹਰੇ ਕੀਤੇ ਗਏ ਅਤੇ ਭਗਵੰਤ ਮਾਨ ਦੀ ਸਰਕਾਰ ਨੂੰ ਲੋਟੂ ਸਰਕਾਰ ਦਾ ਨਾਮ ਦਿੱਤਾ ਗਿਆ ਸੀ।