- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਰਹਿੰਦ ਵਿਖੇ 'ਵਿਸ਼ਵ ਬਜ਼ੁਰਗ ਦਿਵਸ' ਮਨਾਇਆ ਗਿਆ।
ਫਤਹਿਗੜ੍ਹ ਸਾਹਿਬ, 22 ਅਗਸਤ 2024 : ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਬਜ਼ੁਰਗ ਆਪਣੀ ਜ਼ਿੰਦਗੀ ਭਰ ਦੀ ਮਿਹਨਤ ਨਾਲ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਸ ਲਈ ਉਨ੍ਹਾਂ ਦੀ ਸਿਹਤਯਾਬੀ ਅਤੇ ਉਨ੍ਹਾਂ ਦੇ ਰਹਿਣ ਸਹਿਣ ਦੇ ਸੁਚੱਜੇ ਪ੍ਰਬੰਧਾਂ ਲਈ ਸਰਕਾਰ ਵੱਲ੍ਹੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਣਾ ਯਕੀਨੀ ਬਣਾਉਣਾ ਵੀ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਬਜ਼ੁਰਗ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਸ਼ਵ ਬਜ਼ੁਰਗ ਦਿਵਸ ਦੇ ਮੌਕੇ ਤੇ ਸਰਹਿੰਦ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਬਜ਼ੁਰਗਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੀਨੀਅਰ ਸਿਟੀਜ਼ਨ ਨੂੰ ਘਰੇਲੂ ਜਾਇਦਾਦ ਦੇ ਝਗੜਿਆਂ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਸਮੱਸਿਆ ਦਾ ਸਾਹਮਣਾ ਕਰਨਾ ਪਵੇ ਜਾਂ ਸਰਕਾਰ ਵੱਲ੍ਹੋਂ ਬਜ਼ੁਰਗਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਦਿੱਤੀਆਂ ਜਾਂਦੀਆਂ ਸਹੂਲਤਾਂ ਨਾ ਮਿਲਣ ਤਾਂ ਉਹ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਸੰਪਰਕ ਕਰਕੇ ਕਾਨੂੰਨੀ ਸਹਾਇਤਾ ਹਾਸਲ ਕਰ ਸਕਦੇ ਹਨ। ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਕਿਹਾ ਕਿ ਸਮੇਂ-ਸਮੇਂ ਤੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਬਜ਼ੁਰਗਾਂ ਦੇ ਕਾਨੂੰਨੀ ਹੱਕਾਂ ਬਾਰੇ ਅਤੇ ਬਜ਼ੁਰਗਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਵੱਲ੍ਹੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਕਮ ਚੀਫ ਜੂਡੀਸ਼ੀਅਲ ਮੇਜਿਸਟ੍ਰੇਟ ਸ਼੍ਰੀਮਤੀ ਦੀਪਤੀ ਗੋਇਲ ਨੇ ਵੀ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਉਨ੍ਹਾਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਬਜ਼ੁਰਗਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਇੱਜਤ ਮਾਣ ਨਾਲ ਆਪਣਾ ਜੀਵਨ ਨਿਰਬਾਹ ਕਰ ਸਕਣ। ਇਸ ਮੌਕੇ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਆਰ.ਐੱਨ.ਸ਼ਰਮਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸਮੇਂ-ਸਮੇਂ ਤੇ ਬਜ਼ੁਰਗਾਂ ਨੂੰ ਲੋੜ ਪੈਣ ਤੇ ਦਿੱਤੀ ਜਾਂਦੀ ਕਾਨੂੰਨੀ ਸਹਾਇਤਾ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਬਜ਼ੁਰਗਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਜਾਣੂ ਕਰਵਾਇਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ।