ਨਸ਼ਾ ਛੁਡਾਊ ਕੇਂਦਰ ਵਿੱਚ ਮਨਾਇਆ ਲੋਹੜੀ ਦਾ ਤਿਉਹਾਰ ਕੁੜੀਆਂ ਵੀ ਮੁੰਡਿਆਂ ਦੇ ਬਰਾਬਰ ਦੀਆਂ ਹੱਕਦਾਰ : ਡਾ ਸਨਪ੍ਰੀਤ ਕੌਰ 

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੇਡੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਛੁਡਾਊ ਕੇਂਦਰ ਵਿੱਚ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਸਨਪ੍ਰੀਤ ਕੌਰ ਦੀ ਅਗਵਾਈ ਹੇਠ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਰਲ ਕੇ ਸਮੂਹ ਸਟਾਫ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ। ਡਾ ਸਨਪ੍ਰੀਤ ਕੌਰ ਨੇ ਮਰੀਜ਼ਾਂ  ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਡਾ ਦੇਸ਼ ਤਿਉਹਾਰਾਂ/ਮੇਲਿਆਂ ਦਾ ਦੇਸ਼ ਹੈ , ਸਾਨੂੰ ਆਪਣੇ ਦੇਸ਼ ਵਿੱਚ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਇਹ ਤਿਉਹਾਰ ਰਲ ਮਿਲ ਕੇ ਮਨਾਉਣ ਨਾਲ ਸਾਨੂੰ ਮਾਨਸਿਕ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਆਪਣਿਆਂ ਦੇ ਪਿਆਰ ਨਾਲ ਵਿਅਕਤੀ ਗਲਤ ਰਸਤੇ ਤੇ ਜਾਣ ਤੋਂ ਬਚ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਸਮਾਜ ਵਿੱਚ ਲੜਕੀ ਅਤੇ ਲੜਕੇ ਦੇ ਵਿੱਚ ਭੇਦ ਭਾਵ ਨਹੀ ਕਰਨਾ ਚਾਹੀਦਾ ਸਗੋਂ ਲੜਕੀਆਂ ਨੂੰ ਸਮਾਜ ਵਿੱਚ ਲੜਕਿਆਂ ਦੇ ਬਰਾਬਰ ਦਾ ਦਰਜਾ ਦੇਣਾ ਚਾਹੀਦਾ ਹੈ ਕਿਉਂਕਿ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ । ਉਹਨਾਂ ਕਿਹਾ ਕਿ ਮਾਪਿਆਂ ਨੂੰ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਲੋੜ ਹੈ ਅਤੇ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਮਾਜ ਵਿੱਚ ਕੁੜੀਆਂ ਦੇ ਨਾਲ ਹੁੰਦੇ ਵਿਤਕਰੇ ਨੂੰ ਰੋਕੀਏ ਅਤੇ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਮਦਦ ਕਰੀਏ, ਅਜਿਹਾ ਕਰਨ ਨਾਲ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ । ਇਸ ਮੌਕੇ ਤੇ ਸਮੂਹ ਸਟਾਫ ਹਾਜਰ ਸੀ।