ਮਾਨਸਾ, 20 ਦਸੰਬਰ 2024 : ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈਏਐਸ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ ਦੋਵਾਂ ਨਗਰ ਪੰਚਾਇਤਾਂ ਵਿਖੇ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਦੋਵਾਂ ਨਗਰ ਪੰਚਾਇਤਾਂ ਦੇ ਕੁੱਲ 30322 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੀ ਵੋਟ ਪਾਉਣ। ਉਨ੍ਹਾਂ ਦੱਸਿਆ ਕਿ ਭੀਖੀ ਨਗਰ ਪੰਚਾਇਤ ਦੇ 13 ਵਾਰਡਾਂ ਦੇ ਕੁੱਲ 14369 ਵੋਟਰ ਹਨ, ਜਿਨ੍ਹਾਂ ਵਿੱਚ 7457 ਪੁਰਸ਼ ਅਤੇ 6911 ਔਰਤ ਵੋਟਰ ਹਨ। ਇਸ ਤੋਂ ਇਲਾਵਾ 1 ਵੋਟ ਥਰਡ ਜੈਂਡਰ ਹੈ। ਉਨ੍ਹਾਂ ਦੱਸਿਆ ਕਿ ਭੀਖੀ ਦੇ 13 ਵਾਰਡਾਂ ਲਈ 14 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਸਰਦੂਲਗੜ੍ਹ ਨਗਰ ਪੰਚਾਇਤ ਦੇ 15 ਵਾਰਡਾਂ ਦੇ ਕੁੱਲ 15953 ਵੋਟਰ ਹਨ, ਜਿਨ੍ਹਾਂ ਵਿੱਚ 8369 ਪੁਰਸ਼ ਅਤੇ 7584 ਔਰਤ ਵੋਟਰ ਸ਼ਾਮਿਲ ਹਨ। ਸਰਦੂਲਗੜ੍ਹ ਵਿਖੇ 17 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਨਗਰ ਪਚੰਾਇਤਾਂ ਲਈ ਕੁੱਲ 93 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ ਸਰਦੂਲਗੜ੍ਹ ਵਿਖੇ 55 ਅਤੇ ਭੀਖੀ ਵਿਖੇ 38 ਉਮੀਦਵਾਰ ਚੋਣ ਲੜਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਵਾਲੇ ਦਿਨ ਹੀ ਗਿਣਤੀ ਕਰਵਾਈ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਵੋਟਰ ਕਾਰਡ ਤੋਂ ਇਲਾਵਾ ਵੋਟਰ ਵੋਟ ਪਾਉਣ ਸਮੇਂ ਅਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਸਮੇਤ ਹਥਿਆਰ ਦਾ ਲਾਇਸੰਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੋਬ ਕਾਰਡ, ਰਾਸ਼ਨ ਕਾਰਡ ਜਾਂ ਨੀਲਾ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਆਜ਼ਾਦੀ ਘੁਲਾਟੀਏ ਦਾ ਆਈ.ਡੀ. ਕਾਰਡ, ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋਟੋਆਂ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਵਿੱਚ ਜਾਰੀ ਕੀਤਾ ਗਿਆ ਸਿਹਤ ਬੀਮਾ, ਸੰਸਦ ਮੈਂਬਰ, ਵਿਧਾਇਕਾਂ, ਐਮ.ਐਲ.ਸੀ. ਨੂੰ ਜਾਰੀ ਕੀਤੇ ਗਏ ਅਧਿਕਾਰਤ ਪਛਾਣ ਪੱਤਰ, ਯੂ.ਡੀ.ਆਈ.ਡੀ. ਵਿਲੱਖਣ ਅਸਮਰੱਥਾ ਕਾਰਡ ਜੋ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੋਵੇ ਅਤੇ ਕੇਂਦਰੀ, ਰਾਜ ਸਰਕਾਰ, ਪੀ.ਐਸ.ਯੂਜ਼, ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋ ਵਾਲੇ ਸੇਵਾ ਪਛਾਣ ਪੱਤਰ ਦਿਖਾ ਕੇ ਵੀ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਦੇ ਹਨ।