- ਕੋਈ ਵੀ ਬੱਚਾ ਰੁਟੀਨ ਟੀਕਾਕਰਨ ਤੋਂ ਨਾ ਰਹੇ ਵਾਝਾਂ: ਡਾ ਜਗਦੀਪ ਚਾਵਲਾ ਸਿਵਲ ਸਰਜਨ
- 2026 ਤੱਕ ਮੀਜ਼ਲ ਅਤੇ ਰੂਬੇਲਾ ਬੀਮਾਰੀਆਂ ਨੂੰ ਸਮਾਜ ਵਿੱਚੋਂ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ : ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ 2024 : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਟੀਕਾਕਰਨ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ।ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਅਫਸਰ, ਜਿਲ੍ਹਾ ਫੂਡ ਸਪਲਾਈ ਕੰਟਰੋਲਰ, ਨੁਮਾਇੰਦਾ ਐਸ.ਐਸ.ਪੀ. ਦਫਤਰ, ਪ੍ਰਧਾਨ ਆਈ.ਐਮ.ਏ., ਈ.ਓ ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ, ਨੁਮਾਇੰਦਾ ਜਿਲ੍ਹਾ ਪ੍ਰੋਗਰਾਮ ਅਫਸਰ, ਸਿਹਤ ਵਿਭਾਗ ਦੇ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲ੍ਹੇ ਅਧੀਨ ਕੋਈ ਵੀ ਬੱਚਾ ਰੁਟੀਨ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਇਵੇਟ ਹਸਪਤਾਲਾਂ ਪਾਸੋਂ ਵੀ ਰੁਟੀਨ ਟੀਕਾਕਰਨ ਵਿੱਚ ਬਣਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਸਲੱਮ ਏਰੀਆ, ਦਾਨਾ ਮੰਡੀਆਂ,ਭੱਠਿਆਂ,ਫੈਕਟਰੀਆਂ ਆਦਿ ਵਿਚ ਆਉਣ ਵਾਲੀ ਮਾਇਗਰੇਟਰੀ ਅਬਾਦੀ ਲਈ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾਉਣ ਲਈ ਕਿਹਾ ਗਿਆ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੀਜ਼ਲ ਅਤੇ ਰੂਬੇਲਾ ਦੀ ਬੀਮਾਰੀ ਨੂੰ 2026 ਤੱਕ ਸਮਾਜ ਵਿੱਚੋਂ ਖਤਮ ਕਰਨ ਦਾ ਟੀਚਾ ਮਿੱਥਿਆ ਹੈ, ਇਸ ਲਈ ਮੀਜ਼ਲ ਅਤੇ ਰੁਬੇਲਾ ਦਾ ਟੀਕਾਕਰਨ 9 ਮਹੀਨੇ ਅਤੇ 16 ਮਹੀਨੇ ਦੀ ਉਮਰ ਤੇ 100 ਪ੍ਰਤੀਸ਼ਤ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਅਤੇ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿਚ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਮੇਘਾ ਪ੍ਰਕਾਸ਼ ਵਿਸ਼ਵ ਸਿਹਤ ਸੰਸਥਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। ਇਸ ਮੌਕੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ, ਆਈ.ਐਮ.ਏ., ਐਨ.ਜੀ.ਓ. ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਵੀ ਬੀਮਾਰੀ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਜਰੂਰੀ ਹੈ। ਇਸ ਲਈ ਪੋਲੀਓ, ਮੀਜ਼ਲ, ਰੁਬੇਲਾ ਅਤੇ ਹੋਰ ਬੀਮਾਰੀਆਂ ਨੂੰ ਸਮਾਜ ਵਿਚੋਂ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।