
ਫਰੀਦਕੋਟ 3 ਮਈ 2025 : ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਸਾਰੀਆਂ ਬੁਨਿਆਦੀ ਸਹੁਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਕਰਵਾਏ ਕੰਮਾਂ ਦੇ ਪੂਰਾ ਹੋ ਜਾਣ ਉਪਰੰਤ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਸਕੂਲਾਂ ਨੂੰ ਕਰੋੜਾਂ ਰੁਪਏ ਦੇ ਫੰਡ ਦੇ ਕੇ ਉਨ੍ਹਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਹੁਣ ਪ੍ਰਾਈਵੇਟ ਸਕੂਲਾਂ ਵਾਂਗ ਸਰਕਾਰੀ ਸਕੂਲਾਂ ਵਿੱਚ ਵੀ ਹਰ ਤਰਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਵਿਧਾਇਕ ਸ. ਸੇਖੋਂ ਨੇ ਅੱਗੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਨਾਨਕਸਰ ਫਰੀਦਕੋਟ ਵਿਖੇ 7.51 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਗੋਬਿੰਦਨਗਰ ਫਰੀਦਕੋਟ (ਦਿਹਾਤੀ) ਵਿਖੇ 18.62 ਲੱਖ ਰੁਪਏ ਦੇ ਵੱਖ ਵੱਖ ਤਰ੍ਹਾਂ ਦੇ ਵਿਕਾਸ ਕਾਰਜ ਜਿਨ੍ਹਾਂ ਵਿੱਚ ਚਾਰ ਦੀਵਾਰੀ, ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਸ਼ਾਮਲ ਹੈ, ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਸ ਅਮਨਦੀਪ ਸਿੰਘ ਬਾਬਾ, ਸ. ਅਮਰਦੀਪ ਸਿੰਘ ਪਰਮਾਰ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।