ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਸਿਹਤ ਸਕੀਮਾਂ ਪ੍ਰਦਾਨ ਕਰਨ ਲਈ ਹੋਰ ਯਤਨ ਕੀਤੇ ਜਾਣਗੇ : ਡਾ. ਚੰਦਰ ਸ਼ੇਖਰ ਕੱਕੜ

  • ਡਾ. ਚੰਦਰ ਸ਼ੇਖਰ ਕੱਕੜ ਨੇ ਸੰਭਾਲਿਆ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਆਹੁਦਾ

ਸ੍ਰੀ ਮੁਕਤਸਰ ਸਾਹਿਬ, 12 ਮਈ 2025 : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਹੁਕਮਾਂ ਅਨੁਸਾਰ ਡਾ. ਚੰਦਰ ਸ਼ੇਖਰ ਕੱਕੜ ਐਮ ਡੀ ਮੈਡੀਸਨ ਸਿਵਲ ਸਰਜਨ ਫਰੀਦਕੋਟ ਨੂੰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ਼ ਦਿੱਤਾ ਗਿਆ ਹੈ।ਉਹਨਾਂ ਨੇ ਅੱਜ ਬਤੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਆਪਣਾ ਆਹੁਦਾ ਸੰਭਾਲ ਲਿਆ ਹੈ। ਆਪਣਾ ਆਹੁਦਾ ਸੰਭਾਲਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪਰਗਟ ਕਰਦਿਆਂ ਉਨ੍ਹਾਂ ਨੂੰ ਸਿਵਲ  ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਵੀ ਜਿੰਮੇਵਾਰੀ ਸੌਂਪੀ ਗਈ ਹੈ। ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ  ਅਧੀਨ ਜਿਲ੍ਹੇ ਵਿਚ ਨਸ਼ਾ ਛੁਡਾਉ ਕੇਂਦਰਾਂ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਇਨ੍ਹਾ ਕੇਂਦਰਾਂ ਵਿਚ ਦਾਖਲ ਕਰਕੇ ਉਨ੍ਹਾ ਦਾ ਨਸ਼ਾ ਛੁਡਵਾਇਆ ਜਾਵੇਗਾ।ਇਸ ਤੋਂ ਇਲਾਵਾ ਆਯੂਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੱਚਾ ਬੱਚਾ ਸੇਵਾਵਾਂ, ਗ਼ੈਰ ਸੰਚਾਰੀ ਰੋਗਾਂ ਸਬੰਧੀ ਸੇਵਾਵਾਂ ਅਤੇ ਸਿਹਤ ਵਿਭਾਗ ਦੀਆਂ ਹੋਰ ਸੇਵਾਵਾਂ ਲੋਕਾਂ ਨੂੰ ਪਹਿਲ ਦੇ ਅਧਾਰ ਦੇਣ ਲਈ ਉਪਰਾਲੇ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜਿਲ੍ਹਾ ਮੁਖੀ ਹੋਣ ਦੇ ਨਾਤੇ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ—ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਮੇਰਾ ਮੁੱਖ ਮਕਸਦ ਹੋਵੇਗਾ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੋਕੇ ਡਾ ਬੰਦਨਾ ਬਾਂਸਲ ਡੀ.ਐਮ.ਸੀ., ਡਾ ਸੁਨੀਲ ਬਾਂਸਲ ਐਸ.ਐਮ.ਓ. ਮਲੋਟ,  ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ ਦੁਪਿੰਦਰ ਸਿੰਘ ਜਿਲ੍ਹਾ ਸਿਹਤ ਅਫਸਰ, ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਸੁਮੀਤ ਸ਼ਰਮਾ ਏ.ਸੀ.ਐਫ.ਏ., ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਮਨਪ੍ਰੀਤ ਕੌਰ,ਸਤਵੀਰ ਕੌਰ, ਰੁਪਿੰਦਰ ਕੌਰ ਸੁਪਰਡੈਂਟ, ਦੀਪਕ ਕੁਮਾਰ ਡੀ.ਪੀ.ਐਮ., ਸੁਨੀਲ ਸਿੰਗਲਾ ਚੀਫ ਫਾਰਮੇਸੀ ਅਫਸਰ, ਗੁਰਚਰਨ ਸਿੰਘ, ਸੁਖਪਾਲ ਸਿੰਘ, ਸ਼ਮਿੰਦਰ ਸਿੰਘ ਫਾਰਮੇਸੀ ਅਫਸਰ, ਭੁਪਿੰਦਰ ਸਿੰਘ ਸਟੈਨੋ ਅਤੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਸਟਾਫ ਹਾਜ਼ਰ ਸੀ।