- ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਨਾਲ ਦੀ ਜ਼ਰੂਰਤ : ਸੇਖੋਂ
ਫਰੀਦਕੋਟ 13 ਅਗਸਤ 2024 : ਫਸਲੀ ਰਹਿੰਦ-ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀ ਸਭ ਤੋ ਮਾਣ-ਮੱਤਾ ਕਿੱਤਾ ਹੈ ਅਤੇ ਕਿਸਾਨੀ ਨੂੰ ਆਪਣੇ ਵਿਰਸੇ ਨਾਲ ਜੁੜ ਕੇ ਮਾਣ ਮਹਿਸੂਸ ਕਰਨ ਦੀ ਲੋੜ ਹੈ। ਇਸ ਮੌਕੇ ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰਾਂ ਨਾਲ ਜੁੜ ਕੇ ਉਹਨਾ ਦੀ ਸਲਾਹ ਨਾਲ ਖੇਤੀ ਕਰਨ। ਉਨ੍ਹਾਂ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜੋਂ ਅੱਗ ਲੱਗਣ ਕਾਰਨ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਨੂੰ ਜ਼ਮੀਨ ਵਿਚ ਵਾਪਿਸ ਕਰਨ ਦੀ ਜ਼ਰੂਰਤ ਹੈ ਤਾਂ ਜੋ ਖੁਰਾਕੀ ਤੱਤਾਂ ਨਾਲ ਭਰਪੂਰ ਅਨਾਜ ਪੈਦਾ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸੀਨਰੀ ਸਬਸਿਡੀ ਤੇ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਸਮੈਮ ਸਕੀਮ ਤਹਿਤ ਖੇਤੀ ਮਸੀਨਰੀ ਸਬਸਿਡੀ ਤੇ ਲੈਣ ਲਈ ਕਿਸਾਨ 13 ਅਗਸਤ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 2022 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ ਪੱਧਰ ਤੇ ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਦੇ ਇਛੁੱਕ 351 ਲਾਭਪਾਤਰੀ ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਅਤੇ ਸਮੂਹ ਬਿਨੈਕਾਰਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਦਿੱਤੇ ਜਾ ਰਹੇ ਹਨ। ਡਾ. ਹਰਿੰਦਰ ਸਿੰਘ ਭੁੱਲਰ ਸੀਨੀਅਰ ਵੈਟਨਰੀ ਅਫਸਰ ਨੇ ਪਸ਼ੂਆ ਦੀਆ ਵੱਖ ਵੱਖ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਜਾਣੂ ਕਰਵਾਉਣ ਦੇ ਨਾਲ ਨਾਲ ਕਿਸਾਨ ਵੀਰਾਂ ਨੂੰ ਯੂਰੀਆ ਦੀ ਵਰਤੋਂ ਨਾਲ ਪਰਾਲੀ ਨੂੰ ਚਾਰੇ ਦੇ ਰੂਪ ਵਿੱਚ ਵਰਤਨ ਬਾਰੇ ਜਾਣਕਾਰੀ ਦਿੱਤੀ । ਇੰਜ. ਆਰ ਕੇ ਸਿੰਘ ਵੱਲੋ ਸੀ ਆਰ ਐਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨ ਵੀਰਾਂ ਨੂੰ ਮਿੱਟੀ ਪਾਣੀ ਪਰਖ ਦੀ ਮਹੱਤਤਾ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਰਾਜਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋਨੇ/ਬਾਸਮਤੀ ਦੀ ਮੌਜੂਦਾ ਸਥਿਤੀ ਅਤੇ ਅੱਗੇ ਆਉਣ ਵਾਲੀਆ ਬਿਮਾਰੀਆ/ਕੀੜੇ-ਮਕੌੜਿਆ ਦੇ ਹਮਲੇ ਤੇ ਰੋਕਥਾਮ ਸੰਬੰਧੀ ਜਾਣੂ ਕਰਵਾਇਆ । ਇਸ ਮੌਕੇ ਹਾਜਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਹੁੰ ਚਕਵਾਈ ਗਈ।