ਸ੍ਰੀ ਮੁਕਤਸਰ ਸਾਹਿਬ, 10 ਸਤੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਨਰਮੇਂ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਨਰਮੇਂ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਇਸ ਸਮੇਂ ਨਰਮੇਂ ਦੀ ਫ਼ਸਲ ਦੀ ਹਾਲਤ ਠੀਕ ਹੈ ਅਤੇ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਦੀਆਂ ਸਿ਼ਫਾਰਸ਼ਾਂ ਅਨੁਸਾਰ ਕੀਟਨਾਸ਼ਕ ਸਪਰੇਆਂ/ਖਾਦਾਂ ਦੀ ਸਿਫਾਰਸ਼ ਕੀਤੀ ਜਾ ਰਹੀ ਹੈ। ਇਸ ਸਮੇਂ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ। ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਹਿੱਤ ਸਮੇਂ-ਸਮੇਂ ’ਤੇ ਖੇਤੀ ਇਨਪੁਟਸ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾਵੇ।ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਪਿਛਲੇ ਸਾਲਾਂ ਦੌਰਾਨ ਖੇਤੀ ਮਸ਼ੀਨਰੀ ’ਤੇ ਸਬਸਿਡੀ ਪ੍ਰਾਪਤ ਕੀਤੀ ਹੈ ਉਨ੍ਹਾਂ ਦੀਆਂ ਸੂਚੀਆਂ ਪਿੰਡਾਂ ਦੀਆਂ ਸਾਂਝੀਆਂ ਥਾਂਵਾਂ ’ਤੇ ਚਸਪਾ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਇਨ੍ਹਾਂ ਖੇਤੀ ਸੰਦਾਂ ਦਾ ਲਾਭ ਲੈ ਸਕਣ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਟਿਊਬਵੈਲਾਂ ’ਤੇ ਵੱਧ ਤੋਂ ਵੱਧ ਬੂਟੇ ਲਗਵਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਾ ਭਰਿਆ ਬਣਾਇਆ ਜਾ ਸਕੇ।