ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਦਾ ਬੈਚ-130 ਸਮਾਪਤ ਹੋਇਆ| ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 32 ਸਿਖਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 23 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ| ਇਸ ਕੋਰਸ ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਮਿਤੀ 01 ਜਨਵਰੀ, 2024 ਨੂੰ ਸ਼ੁਰੂ ਹੋਇਆ ਸੀ ਜੋ ਕਿ ਮਿਤੀ 28 ਮਾਰਚ, 2024 ਤੱਕ ਲਗਾਇਆ ਗਿਆ| ਉਹਨਾਂ ਨੇ ਇਸ ਕੋਰਸ ਦੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਖਿਆਰਥੀ ਆਪਣੇ ਕਿੱਤੇ ਵਿੱਚ ਨਵੇਕਲਾਪਣ ਲਿਆ ਕੇ ਖੇਤੀਬਾੜੀ ਨੂੰ ਨਵੀਆਂ ਬੁਲੰਦੀਆਂ ਤੇ ਪਹੁੰਚਾਉਣ ਅਤੇ ਖੇਤੀਬਾੜੀ ਵਿੱਚ ਆਮਦਨੀ ਨੂੰ ਵਧਾਉਣ ਲਈ ਸਹਾਇਕ ਧੰਦਿਆਂ ਨੂੰ ਵੀ ਅਪਨਾਉਣ| ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਡਾ. ਨਿਰਮਲ ਜੌੜਾ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਸਿਖਿਆਰਥੀਆਂ ਨੂੰ ਆਪਣੀਆਂ ਜੜ•ਾਂ ਨਾਲ ਰਹਿ ਕੇ ਆਪਣੇ ਕਿੱਤੇ ਨੂੰ ਪ੍ਰਫੁਲਿਤ ਕਰਨ ਸਬੰਧੀ ਪ੍ਰੇਰਿਆ ਅਤੇ ਵਿਸ਼ੇਸ਼ ਮਹਿਮਾਨ ਡਾ. ਕੁਲਦੀਪ ਸਿੰਘ, ਮੁਖੀ, ਪਸਾਰ ਸਿੱਖਿਆ ਵਿਭਾਗ ਨੇ ਸਿਖਿਆਰਥੀਆਂ ਨੂੰ ਸੁਚੱਜੇ ਢੰਗ ਨਾਲ ਖੇਤੀ ਕਰਨ ਲਈ ਪ੍ਰੇਰਿਆ ਅਤੇ ਯੂਨੀਵਰਸਿਟੀ ਦੀਆਂ ਸੇਵਾਵਾਂ ਲੈਣ ਲਈ ਹਮੇਸ਼ਾਂ ਯੂਨੀਵਰਸਿਟੀ ਨਾਲ ਜੁੜੇ ਰਹਿਣ ਲਈ ਸੁਝਾਅ ਦਿੱਤਾ| ਇਸ ਮੌਕੇ ‘ਤੇ ਕੋਰਸ ਕੋਆਰਡੀਨੇਟਰ ਡਾ. ਪ੍ਰੇਰਨਾ ਕਪਿਲਾ ਨੇ ਇਸ ਕੋਰਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕੋਰਸ ਰਿਪੋਰਟ ਵੀ ਸਾਰਿਆਂ ਨਾਲ ਸਾਂਝੀ ਕੀਤੀ| ਅੰਤ ਵਿੱਚ ਇਸ ਕੋਰਸ ਦੇ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਆਏ ਹੋਏ ਮਹਿਮਾਨਾਂ, ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਅਤੇ ਸਿਖਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਗਈ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ| ਇਸ ਮੌਕੇ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਪੂਰੀ ਟੀਮ ਮੈਡਮ ਕੰਵਲਜੀਤ ਕੌਰ, ਮੈਡਮ ਕੁਲਦੀਪ ਕੌਰ, ਸਨੇਹਾ ਆਦਿ ਹਾਜ਼ਿਰ ਸਨ|