ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਪੰਜਾਬ ਭਰ ਵਿੱਚ ਕਲਮ ਛੋੜ /ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੀ ਮਿਆਦ 19 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮ ਜੱਥੇਬੰਦੀਆਂ ਪ੍ਰਤੀ ਅੜੀਅਲ ਰਵੱਈਆ ਅਖਤਿਆਰ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਦੇ ਰੋਸ ਵਜੋਂ ਇਹ ਫੈਸਲਾ ਲਿਆ ਗਿਆ। ਪੰਜਾਬ ਭਰ ਦੇ ਦਫਤਰੀ ਕਾਮਿਆਂ ਵੱਲੋਂ 10 ਅਕਤੂਬਰ ਤੋਂ ਸ਼ੁਰੂ ਕੀਤੀ ਇਸ ਹੜਤਾਲ ਤਹਿਤ ਅੱਜ ਅੱਠਵੇਂ ਦਿਨ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ/ਕੰਪਿਊਟਰ ਬੰਦ ਕਰਕੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਦਫ਼ਤਰੀ ਕੰਮਕਾਜ ਠੱਪ ਰੱਖਿਆ ਗਿਆ। ਇਸ ਦੌਰਾਨ ਸ਼੍ਰੀ ਅਮਿਤ ਅਰੋੜਾ ਵਧੀਕ ਜਨਰਲ ਸਕੱਤਰ ਪੀ.ਐੱਸ.ਐੱਮ.ਐੱਸ.ਯੂ ਪੰਜਾਬ ਅਤੇ ਸੂਬਾ ਪ੍ਰਧਾਨ ਪੀ.ਡਬਲਿਊ.ਡੀ. ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਪ੍ਰਤੀ ਪੂਰੀ ਤਰ੍ਹਾਂ ਅਵੇਸਲੀ ਹੈ । ਉਨ੍ਹਾਂ ਕਿਹਾ ਜਦੋਂ ਤੱਕ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬਕਾਇਆ 10 ਪ੍ਰਤੀਸ਼ਤ ਮਹਿੰਗਾਈ ਭੱਤਾ ਅਤੇ ਮੁਲਾਜ਼ਮਾਂ ਦੀਆਂ ਬਾਕੀ ਜਾਇਜ਼ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਸ਼੍ਰੀ ਸੰਜੀਵ ਭਾਰਗਵ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਮ. ਯੂ. ਨੇ ਕਿਹਾ ਕਿ ਕੋਈ ਵੀ ਮੁਲਾਜ਼ਮ ਇਸ ਤਰ੍ਹਾਂ ਹੜਤਾਲ ਉੱਤੇ ਜਾਣਾ ਪਸੰਦ ਨਹੀਂ ਕਰਦਾ ਪਰੰਤੂ ਜਦੋਂ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ਅਤੇ ਵਾਅਦਾ ਖਿਲਾਫੀ ਉੱਤੇ ਉੱਤਰ ਆਉਂਦੀ ਹੈ ਤਾਂ ਮੁਲਾਜ਼ਮ ਵੀ ਦਰੀਆਂ ਉੱਤੇ ਬੈਠਣ ਲਈ ਮਜ਼ਬੂਰ ਹੋ ਜਾਂਦੇ ਹਨ । ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਕੋਈ ਭੀਖ ਨਹੀਂ ਮੰਗ ਰਿਹਾ ਸਗੋਂ ਆਪਣਾ ਹੱਕ ਮੰਗ ਰਿਹਾ ਹੈ, ਇਸ ਲਈ ਸਰਕਾਰ ਨੂੰ ਪਹਿਲ ਦੇ ਆਧਾਰ ਤੇ ਮੁਲਾਜ਼ਮ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਸੰਦੀਪ ਭਾਂਬਕ ਜ਼ਿਲ੍ਹਾ ਪ੍ਰਧਾਨ ਸੀ.ਪੀ.ਐੱਫ. ਅਤੇ ਸ਼੍ਰੀ ਲਖਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦ ਤੋਂ ਜਲਦ ਬਹਾਲ ਕਰੇ, ਨਹੀਂ ਤਾਂ ਹਿਮਾਚਲ ਵਿਖੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਖੇ ਭਰਵੀਂ ਰੈਲੀ ਕਰਕੇ ਸਰਕਾਰ ਦੀ ਪੋਲ ਖੋਲੀ ਜਾਵੇਗੀ। ਸ਼੍ਰੀ ਸੁਨੀਲ ਕੁਮਾਰ ਵਿੱਤ ਸਕੱਤਰ ਪੀ.ਐੱਸ.ਐੱਮ.ਐੱਸ.ਯੂ. ਲੁਧਿਆਣਾ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਖਜ਼ਾਨੇ ਨੂੰ ਭਰ ਲਿਆ ਗਿਆ ਹੈ ਪਰ ਦੂਸਰੇ ਪਾਸੇ ਜਦੋਂ ਮੁਲਾਜ਼ਮਾਂ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਖਜ਼ਾਨਾ ਖਾਲੀ ਹੋ ਜਾਂਦਾ ਹੈ। ਇਸ ਰੋਸ ਮੁਜ਼ਾਹਰੇ ਦੌਰਾਨ ਅਨਿਲ ਕੁਮਾਰ, ਪਰਵੀਨ ਕੁਮਾਰ, ਧਰਮ ਸਿੰਘ, ਵਿਮਲਜੀਤ ਸਿੰਘ, ਰਣਧੀਰ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ, ਦਰਬਾਰਾ ਸਿੰਘ, ਤਜਿੰਦਰ ਸਿੰਘ ਢਿੱਲੋਂ, ਰਾਕੇਸ਼ ਕੁਮਾਰ, ਆਕਾਸ਼ਦੀਪ ਸਿੰਘ, ਜਗਦੇਵ ਸਿੰਘ, ਧਰਮ ਪਾਲ ਪਾਲੀ, ਅਮਨਦੀਪ ਕੌਰ ਪਰਾਸ਼ਰ, ਤਲਵਿੰਦਰ ਸਿੰਘ, ਰਾਜੇਸ਼ ਕਪਿਲਾ, ਗੁਰਚਰਨ ਸਿੰਘ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਤ ਕੀਤਾ।