
- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਗਤੀਵਿਧੀਆਂ ਦੀ ਕੀਤੀ ਸਮੀਖਿਆ
ਮਲੋਟ, 14 ਮਈ 2025 : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪੂਰੇ ਸੂਬੇ ਵਿੱਚ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਲਗਾਤਾਰ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੂਰੇ ਪੰਜਾਬ ਵਾਂਗ ਮਲੋਟ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇੱਕ-ਇੱਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਸੰਜੀਦਗੀ ਨਾਲ ਨੱਥ ਪਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਪੈਸੇ ਜਾਂ ਲੋਕਾਂ ਤੋਂ ਪੈਸੇ ਉਗਰਾਹੁਣ ਦੀ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਮਹਿਕਮਿਆਂ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜਕ ਸੁਧਾਰਾਂ ਲਈ ਵੀ ਲੋੜੀਂਦੇ ਯਤਨ ਲਗਾਤਾਰ ਜਾਰੀ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਸਗੋਂ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਤੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਤਹੱਈਆ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ।