- ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਕੀਤਾ
ਮੋਗਾ, 23 ਅਗਸਤ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ 'ਤੇ ਮੀਟਿੰਗਾਂ ਕੀਤੀਆਂ ਹਨ। ਕੋਈ ਵੀ ਮਾਮੂਲੀ ਸਮੱਸਿਆ ਜਲਦੀ ਹੀ ਹੱਲ ਕੀਤੀ ਜਾਵੇਗੀ। ਉਨ੍ਹਾਂ ਇਸ ਧਾਰਨਾ ਨੂੰ ਖਾਰਜ ਕਰ ਦਿੱਤਾ ਕਿ ਸੂਬੇ ਵਿੱਚ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਕੋਈ ਸਮੱਸਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਬੰਧਤ ਜ਼ਮੀਨਾਂ ਜਲਦੀ ਹੀ ਐਕਵਾਇਰ ਕਰਕੇ NHAI ਨੂੰ ਸੌਂਪ ਦਿੱਤੀਆਂ ਜਾਣਗੀਆਂ। ਅੱਜ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਨੇਰ, ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ ਡੇ ਮੀਲ ਕੀਤਾ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਆਦਿ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਮੋਗਾ ਸ਼ਹਿਰ ਵਿੱਚ ਤਿੰਨ ਨਵੇਂ ਸਕੂਲ ਬਣਾਏ ਗਏ ਹਨ। ਇਨ੍ਹਾਂ ਸਕੂਲਾਂ ਦੀ ਹਾਲਤ ਪਹਿਲਾਂ ਬਹੁਤ ਮਾੜੀ ਸੀ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਹਰ ਸਕੂਲ ਦੀ ਕਾਇਆ ਕਲਪ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕਾਂ ਨੂੰ ਜੀ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕੀਤੀ ਜਾਵੇ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਦੂਜੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਚੰਗੇ ਆਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਰੁਜ਼ਗਾਰ ਪੱਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲਈ ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀਆਂ ਰੁਚੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਯੋਗ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਅਨੁਸਾਰ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਉਪਰਾਲੇ ਕਰਨਾ ਹੈ। ਉਨ੍ਹਾਂ ਸਕੂਲਾਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ।