ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਸੌਂਦ 

  • ਕਿਹਾ! ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ
  • ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਲੈਨੇਟ ਈ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਦਿਵਸ ਦਾ ਉਦਘਾਟਨ ਕੀਤਾ 

ਲੁਧਿਆਣਾ, 8 ਦਸੰਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਪਲੈਨੇਟ ਈ ਸਕੂਲ, ਸਲੌਦੀ (ਸਮਰਾਲਾ) ਵਿਖੇ ਦੋ ਰੋਜ਼ਾ ਸਾਲਾਨਾ ਖੇਡ ਦਿਵਸ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕੇ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਪਲੈਨੇਟ ਈ ਸਕੂਲ ਦੇ ਚੇਅਰਪਰਸਨ ਅਤੇ ਮਨੇਜਿੰਗ ਡਾਇਰੈਕਟਰ ਸ੍ਰੀਮਤੀ ਸੋਨੀਆ ਧਵਨ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਤੋਂ ਸਿਖਰਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਸਮੇਂ ਦੀ ਮੰਗ ਅਨੁਸਾਰ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਲੋੜ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਵਿੱਚੋਂ ਨਸ਼ਿਆਂ ਨੂੰ ਵੀ ਖ਼ਤਮ ਕੀਤਾ ਜਾ ਰਿਹਾ ਹੈ। ਉਹਨਾਂ ਸੂਬੇ ਦੇ ਨੌਜਵਾਨਾਂ ਨੂੰ ਕਿਹਾ ਕਿ ਸਿਹਤਮੰਦ ਜੀਵਨ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ। ਕੈਬਨਿਟ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਅਤੇ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਖੰਨਾ ਅਤੇ ਸਮਰਾਲਾ ਏਰੀਏ ਦਾ ਇਹ ਪਲੈਨੇਟ ਈ ਸਕੂਲ ਵਧੀਆ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹੈ। ਇਸ ਸਕੂਲ ਵਿੱਚ ਪੜ੍ਹਾਈ ਅਤੇ ਖੇਡਾਂ ਦਾ ਕਲਚਰ ਹੈ। ਉਹਨਾਂ ਕਿਹਾ ਕਿ ਇਸ ਸਕੂਲ ਵਿੱਚ ਵਿਦਿਆਰਥੀ ਪੜ੍ਹ ਕੇ ਆਪਣੇ ਮਾਤਾ-ਪਿਤਾ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰਦੇ ਰਹਿਣ। ਉਹਨਾਂ ਦੱਸਿਆ ਕਿ ਇਸ ਸਕੂਲ ਵੱਲੋਂ ਲੜਕੀਆਂ ਤੋਂ ਮਹੀਨੇ ਦੀ ਸਕੂਲ ਫੀਸ ਵਿੱਚੋਂ 50 ਪ੍ਰਤੀਸ਼ਤ ਫੀਸ ਘੱਟ ਲਈ ਜਾਂਦੀ ਹੈ ਅਤੇ ਜੋ ਕਿ ਲੜਕੀਆਂ ਨੂੰ ਅੱਗੇ ਵਧਣ ਲਈ ਬਹੁਤ ਵੱਡੀ ਸਹੂਲਤ ਦਿੱਤੀ ਗਈ ਹੈ, ਜਿਸ ਦੀ ਉਹ ਪੁਰਜ਼ੋਰ ਸ਼ਲਾਘਾ ਕਰਦੇ ਹਨ। ਸਕੂਲ ਦੇ ਚੇਅਰਮੈਨ ਅਤੇ ਪ੍ਰਿੰਸੀਪਲ ਨੇ ਖੇਡਾਂ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਦਿਨ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸਕੂਲ ਦੇ ਖੇਡ ਮੁਕਾਬਲਿਆਂ ਵਿੱਚ 100 ਮੀਟਰ, 200 ਮੀਟਰ, 400 ਮੀਟਰ ਦੌੜ ਆਦਿ ਖੇਡਾਂ ਸ਼ਾਮਲ ਹਨ। ਇਸ ਮੌਕੇ ਤੇ ਪਲੈਨੇਟ ਈ ਸਕੂਲ ਦੇ ਚੇਅਰਪਰਸਨ ਅਤੇ ਮਨੇਜਿੰਗ ਡਾਇਰੈਕਟਰ ਸ੍ਰੀਮਤੀ ਸੋਨੀਆ ਧਵਨ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।