- ਕੈਬਨਿਟ ਮੰਤਰੀ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ
ਦਿੜ੍ਹਬਾ, 27 ਅਕਤੂਬਰ 2024 : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਦੱਸਿਆ ਕਿ ਸ਼ੈਲਰ ਮਾਲਕ ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਦੀ ਫਸਲ ਖਰੀਦ ਕੇ ਉਹਨਾਂ ਨੂੰ ਤਰਜੀਹੀ ਅਧਾਰ ‘ਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨ ਵੀਰ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਪਰਿਵਾਰਾਂ ਵਿੱਚ ਮਨਾ ਸਕਣ। ਉਹਨਾਂ ਦੁਹਰਾਇਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ- ਦਾਣਾ ਖਰੀਦਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਕੇਂਦਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਵਪਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਗੈਰ ਕਾਨੂੰਨੀ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।