ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ : ਲਖਬੀਰ ਸਿੰਘ ਰਾਏ 

ਫ਼ਤਹਿਗੜ੍ਹ ਸਾਹਿਬ, 17 ਦਸੰਬਰ 2024 : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖੋ-ਵੱਖ ਵਿਕਾਸ ਪ੍ਰੋਜੈਕਟ ਵੱਡੇ ਪੱਧਰ ਉੱਤੇ ਜਾਰੀ ਹਨ। ਇਹਨਾਂ ਪ੍ਰੋਜੈਕਟਾਂ ਦੀ ਲੜੀ ਤਹਿਤ ਹੀ ਕਰੀਬ 85 ਲੱਖ ਰੁਪਏ ਦੀ ਲਾਗਤ ਨਾਲ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਵਿਚਲੀਆਂ ਸੜਕਾਂ ਤੇ ਗਲੀਆਂ ਵਿੱਚ ਲੱਗੀਆਂ ਪੁਰਾਣੀਆਂ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ. ਲਾਈਟਾਂ ਲਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਰਵਾਈ।ਸਥਾਨਕ ਖੰਡਾ ਚੌਕ ਵਿਖੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਨੇ ਕਿਹਾ ਕਿ ਇਹ ਪ੍ਰੋਜੈਕਟ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਸੜਕਾਂ ਦੀ ਕਾਇਆ ਕਲਪ ਕਰਨ ਸਮੇਤ ਵੱਖੋ-ਵੱਖ ਪ੍ਰੋਜੈਕਟ ਜੰਗੀ ਪੱਧਰ ਉੱਤੇ ਜਾਰੀ ਹਨ। ਇਸੇ ਲੜੀ ਤਹਿਤ ਲਾਈਟਾਂ ਨੂੰ ਬਦਲਣ ਦਾ ਪ੍ਰੋਜੈਕਟ ਵੀ ਤੇਜ਼ੀ ਨਾਲ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਨਾਲ ਨਗਰ ਕੌਂਸਲ ਨੂੰ ਬਿਜਲੀ ਦਾ ਬਿੱਲ ਬਹੁਤ ਘੱਟ ਆਵੇਗਾ ਅਤੇ ਪੁਰਾਣੀਆਂ ਲਾਈਟਾਂ ਦੇ ਮੁਕਾਬਲੇ ਇਹਨਾਂ ਲਾਈਟਾਂ ਦੀ ਰੌਸ਼ਨੀ ਵੀ ਕਿਤੇ ਵੱਧ ਹੋਵੇਗੀ। ਹਲਕਾ ਵਿਧਾਇਕ ਨੇ ਕਿਹਾ ਕਿ 25 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ। ਦੇਸ਼-ਵਿਦੇਸ਼ ਤੋਂ ਇੱਥੇ ਪੁੱਜਣ ਵਾਲੀ ਸੰਗਤ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਤਿਆਰੀਆਂ ਦਾ ਉਹ ਖੁਦ ਜਾਇਜ਼ਾ ਲੈ ਰਹੇ ਹਨ ਅਤੇ ਸਮੇਂ-ਸਮੇਂ 'ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ। ਉਹਨਾਂ ਨੇ ਹਲਕਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕਰਵਾਉਣਗੇ।