ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ

ਬਰਨਾਲਾ, 24 ਜਨਵਰੀ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਬਰਨਾਲਾ ਵਿਖੇ ਕਰਵਾਈ ਗਈ। ਇਸ ਮੀਟਿੰਗ ਵਿਚ 52 ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਦੇ ਇੰਚਾਰਜ ਡਾ. ਨਵਦੀਪ ਸਿੰਘ ਗਿੱਲ ਨੇ ਆਏ ਹੋਏ ਮੈਂਬਰਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਸੰਸਥਾ ਦੇ ਮੰਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿੰਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅੱਗੇ ਵਧਕੇ ਕਿਸਾਨੀ ਵੱਲ ਆਉਣਾ ਚਾਹੀਦਾ ਹੈ ਤਾਂ ਜੋ ਪੀ.ਏ.ਯੂ. ਵੱਲੋਂ ਸਿਫਾਰਸ਼ ਨਵੀਆਂ ਤਕਨੀਕਾਂ ਅਪਣਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਹਨਾਂ ਮਿੱਟੀ ਦੀ ਜਾਂਚ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ, ਘਰੇਲੂ-ਬਗੀਚੀ, ਫਲਾਂ ਅਤੇ ਸਬਜ਼ੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਨੇ ਕਿਸਾਨਾਂ ਨਾਲ ਨਦੀਨਾਂ ਦੀ ਸਮੱਸਿਆ, ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਨੁਕਤੇ ਸਾਂਝੇ ਕੀਤੇ। ਕਿਸਾਨਾਂ ਨੂੰ ਕਣਕ ਦੀ ਫ਼ਸਲ ਤੋਂ ਚੰਗਾ ਝਾੜ ਲੈਣ ਲਈ ਖੁਰਾਕੀ ਤੱਤਾਂ ਬਾਰੇ ਜਾਗਰੂਕ ਕੀਤਾ। ਉਹਨਾਂ ਜ਼ਮੀਨ ਦੀ ਸਿਹਤ ਵਧਾਉਣ ਲਈ ਰੂੜੀ ਖਾਦ, ਹਰੀ ਖਾਦ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਤੇ ਜੋਰ ਦਿੱਤਾ। ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਖੇਤੀ ਮਸ਼ੀਨਰੀ ਅਤੇ ਜਿਪਸਮ ਤੇ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਜਾਣੂੰ ਕਰਵਾਇਆ। ਹਰਦੀਪ ਸਿੰਘ, ਸਰਵੇਅਰ ਭੂਮੀ ਅਤੇ ਜਲ ਸੰਭਾਲ ਵਿਭਾਗ, ਬਰਨਾਲਾ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਬਾਰੇ ਦੱਸਿਆ। ਇਸ ਮੌਕੇ ਅਗਾਂਹਵਧੂ ਕਿਸਾਨ ਬਲਰਾਜ ਸਿੰਘ, ਅਮਨਦੀਪ ਸਿੰਘ, ਅਮਰੀਕ ਸਿੰਘ, ਸੁਖਜਿੰਦਰ ਸਿੰਘ ਅਤੇ ਰਣਜੀਤ ਸਿੰਘ ਨੇ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ। ਅਖੀਰ ਵਿੱਚ ਡਾ. ਅਮਨਦੀਪ ਕੌਰ ਨੇ ਕਿਸਾਨਾਂ ਅਤੇ ਵੱਖ ਵੱਖ ਵਿਭਾਗਾਂ ਤੋਂ ਆਏ ਮਾਹਿਰਾਂ ਦਾ ਧੰਨਵਾਦ ਕੀਤਾ।