
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕਰਵਾਇਆ
ਮਾਲੇਰਕੋਟਲਾ10 ਫਰਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ 50371 ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਰਾਸ਼ੀ ਵਜੋਂ 07 ਕਰੋੜ 55 ਲੱਖ 56 ਹਜਾਰ 500 ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜ਼ਿਲ੍ਹੇ ਮਾਲੇਰਕੋਟਲਾ ਦੇ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚਿਆਂ ਨੂੰ ਵੱਖ ਵੱਖ ਪੈਨਸ਼ਨਾਂ ਮੁਹੱਈਆ ਕਰਵਾਇਆ ਜਾ ਰਹੀਆਂ ਹਨ। ਉਨ੍ਹਾਂ ਵੱਖ-ਵੱਖ ਪੈਨਸ਼ਨ ਸਕੀਮਾਂ ਦਾ ਜਿਕਰ ਕਰਦਿਆਂ ਦੱਸਿਆ ਸੂਬਾ ਸਰਕਾਰ ਵਲੋਂ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 65 ਜਾਂ ਉਸ ਤੋਂ ਉੱਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉੱਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।