ਮਾਲੇਰਕੋਟਲਾ, 21 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਦੀ ਮੀਟਿੰਗ ਗੁਰਦੁਆਰਾ ਹਾਂਅ ਦਾ ਨਾਹਰਾ ਸਾਹਿਬ ਮਲੇਰਕੋਟਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਭੂਦਨ ਬੀਕੇਯੂ ਏਕਤਾ ਉਗਰਾਹਾਂ, ਰੁਪਿੰਦਰ ਸਿੰਘ ਚੌਦਾਂ ਕਿਰਤੀ ਕਿਸਾਨ ਯੂਨੀਅਨ, ਜਗਦੀਸ਼ ਸਿੰਘ ਚੌਦਾਂ ਬੀਕੇਯੂ ਕਾਦੀਆਂ, ਬੂਟਾਂ ਖਾਂ ਸੰਗੈਣ ਬੀਕੇਯੂ ਡਕੌਂਦਾ (ਧਲੇਰ) ਅਤੇ ਬਹਾਦੁਰ ਸਿੰਘ ਮਹੋਲੀ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਕਿਸਾਨ ਸੰਘਰਸ਼ ਤੋਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਾਰਡਰਾਂ ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਅਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕਰਕੇ ਗੈਰ ਜ਼ਿੰਮੇਵਾਰੀ ਵਾਲੀ ਪਹੁੰਚ ਦਾ ਤਿਆਗ ਕਰ ਕੇ ਤੁਰੰਤ ਗੱਲਬਾਤ ਸ਼ੁਰੂ ਕਰੇ, ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇਵੇ, ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਵਾਲੇ ਕਿਸਾਨਾਂ ਤੇ ਜਬਰ ਬੰਦ ਕਰੇ ਅਤੇ ਐਮਐਸਪੀ ਗਰੰਟੀ ਕਾਨੂੰਨ ਸਮੇਤ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਵੇਲੇ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਉਪਰੋਕਤ ਗੈਰ ਜ਼ਿੰਮੇਵਾਰੀ ਵਾਲੇ ਰਵਈਏ ਦੇ ਖਿਲਾਫ 23 ਦਸੰਬਰ ਨੂੰ ਡੀ ਸੀ ਦਫਤਰ ਮਾਲੇਰਕੋਟਲਾ ਅੱਗੇ ਧਰਨਾ ਦਿੱਤਾ ਜਾਵੇਗਾ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮੰਡੀ ਨੀਤੀ ਫਰੇਮਵਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਦੁਆਰਾ ਰੱਦ ਕਰਵਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਚੋਰ ਮੋਰੀ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ।ਸੰਯੁਕਤ ਕਿਸਾਨ ਮੋਰਚਾ ਇਸ ਦੀ ਕਦਾਚਿੱਤ ਵੀ ਇਜਾਜ਼ਤ ਨਹੀਂ ਦੇਵੇਗਾ। ਇਸ ਸਾਜਿਸ਼ ਦਾ ਵਿਰੋਧ ਕਰਨ ਲਈ 23 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਵੱਲੋਂ ਡੀਸੀ ਦਫ਼ਤਰ ਅੱਗੇ ਵੱਡਾ ਇਕੱਠ ਕੀਤਾ ਜਾਵੇਗਾ। ਅਤੇ ਸਮੂਹ ਕਿਰਤੀ ਲੋਕਾਂ ਨੂੰ ਪ੍ਰਵਾਰਾਂ ਸਮੇਤ ਹਾਜ਼ਰ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ ਕਿ ਇਹਨਾਂ ਇਕੱਠਾਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਇਆ ਜਾਵੇ। ਅੱਜ ਦੀ ਮੀਟਿੰਗ ਵਿੱਚ ਸਰਬਜੀਤ ਸਿੰਘ ਭੁਰਥਲਾ ,ਹਸਨ ਮੁਹੰਮਦ, ਕਰਤਾਰ ਸਿੰਘ ਮਹੋਲੀ , ਹਰਵੀਰ ਸਿੰਘ ਬਾਗੜੀਆਂ ਆਦਿ ਆਗੂ ਹਾਜਰ ਸਨ।