ਕੋਟਕਪੂਰਾ 18 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਵੱਡੀ ਪੱਧਰ ਤੇ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਹਾਈ ਸਕੂਲ ਪਿੰਡ ਢੀਮਾਵਾਲੀ ਵਿਖੇ 22.25 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਅਤੇ ਪ੍ਰਾਇਮਰੀ ਸਕੂਲ ਵਿੱਚ ਕਲਾਸ ਰੂਮਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਹਰ ਪ੍ਰਕਾਰ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਵੱਡੀ ਪੱਧਰ ਤੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨਾਂਸ ਵਿੱਚ ਤਬਦੀਲ ਕੀਤਾ ਗਿਆ ਹੈ, ਉਥੇ ਹੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਨੂੰ ਵੀ ਬੁਨਿਆਦੀ ਢਾਂਚੇ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਪਿੰਡ ਢੀਮਾਂਵਾਲੀ ਵਿਖੇ ਕਮਰਿਆਂ ਦੀ ਮੁਰੰਮਤ ਲਈ 22.25 ਲੱਖ ਰੁਪਏ ਦੀ ਰਾਸ਼ੀ ਵੀ ਦਿੱਤੀ। ਇਸ ਉਪਰੰਤ ਉਨ੍ਹਾਂ ਪਿੰਡ ਢੀਮਾਂਵਾਲੀ ਵਿਖੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।