- ਸ਼ਟਲ ਸਰਵਿਸ ਤਹਿਤ ਮੁਫਤ ਬੱਸ ਸੇਵਾ, ਈ.ਰਿਕਸ਼ਾ ਤੋਂ ਇਲਾਵਾ ਪਹਿਲੀ ਵਾਰ ਆਟੋ ਰਿਕਸ਼ਾ ਦੀ ਰਹੇਗੀ ਸੁਵਿਧਾ
- ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਅਧਿਕਾਰੀਆਂ ਨਾਲ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 17 ਦਸੰਬਰ 2024 : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਸ਼ਹੀਦੀ ਸਭਾ ਦੌਰਾਨ ਬਣਾਈਆਂ ਜਾਣ ਵਾਲੀਆਂ ਆਰਜ਼ੀ ਪਾਰਕਿੰਗ ਤੇ ਆਰਜ਼ੀ ਬੱਸ ਅੱਡਿਆ ਦਾ ਦੌਰਾ ਕਰਨ ਮੌਕੇ ਮਾਡਰਨ ਰਿਜੋਰਟ ਬਸੀ ਪਠਾਣਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸਹੂਲਤ ਲਈ 06 ਪੁਲਿਸ ਸਹਾਇਤਾ ਕੇਂਦਰ ਬਣਾਏ ਜਾਣਗੇ ਜਿਥੋਂ ਸੰਗਤ ਨੂੰ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਦੇ ਨਾਲ-ਨਾਲ ਮੈਡੀਕਲ ਸਹੂਲਤ ਵੀ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਿਸ ਸਹਾਇਤਾ ਕੇਂਦਰਾਂ ਨੂੰ ਹਾਈ ਸਪੀਡ ਇੰਟਰਨੈੱਟ ਨਾਲ ਜੋੜਿਆ ਜਾਵੇਗਾ ਤਾਂ ਜੋ ਮੋਬਾਇਲ ਨੈਟਵਰਕ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਆਉਣ ਦੀ ਸੂਰਤ ਵਿੱਚ ਸੰਗਤ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਾਰੇ ਪੁਲਿਸ ਸਹਾਇਤਾ ਕੇਂਦਰਾਂ ਨੂੰ ਮੁੱਖ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ। ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸੰਗਤ ਦੀ ਸਹੂਲਤ ਲਈ ਸ਼ਟਲ ਸੁਵਿਧਾ ਦਿੱਤੀ ਜਾਵੇਗੀ ਜਿਸ ਤਹਿਤ ਮੁਫਤ ਬੱਸਾਂ ਤੇ ਈ.ਰਿਕਸ਼ਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ-ਨਾਲ ਪਹਿਲੀ ਵਾਰ ਆਟੋ ਰਿਕਸ਼ਾ ਨੂੰ ਵਿਸ਼ੇਸ਼ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਸੰਗਤ ਨੂੰ ਆਵਾਜਾਈ ਪੱਖੋਂ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਪਹੁੰਚਣ ਵਾਲੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਐਸ.ਪੀ. (ਜਾਂਚ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਨਾਜ ਸਿੰਘ, ਡੀ.ਐਸ.ਪੀ. ਅਮਲੋਹ ਰਾਜ ਕੁਮਾਰ, ਡੀ.ਐਸ.ਪੀ. ਹਰਤੇਸ਼ ਕੌਸ਼ਿਕ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ।