ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੂੰ ਜਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਸ਼ਹਿਰਾਂ ਵਿੱਚ ਵਾਰਡ ਪੱਧਰ ਅਤੇ ਪਿੰਡਾਂ ਵਿੱਚ ਬੂਥ ਪੱਧਰ ਤੇ ਮਜਬੂਤ ਕਰਨ ਲਈ ਅਕਾਲੀ ਦਲ ਵੱਲੋਂ ਮਿਹਨਤੀ ਟਕਸਾਲੀ ਅਕਾਲੀ ਦਲ ਦੇ ਆਗੂਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇ । ਜਥੇਦਾਰ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਜ਼ਿਲਾ ਫਤਿਹਗੜ੍ਹ ਸਾਹਿਬ ਤੋਂ ਪਹੁੰਚੀ ਸਮੁੱਚੀ ਅਕਾਲੀ ਲੀਡਰਸ਼ਿਪ ਦੀ ਟੀਮ ਵੱਲੋਂ ਜਿੱਥੇ ਵਿਚਾਰ ਲਏ ਗਏ, ਉਥੇ ਹੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੀ ਪਾਰਟੀ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਵਰਕਰਾਂ ਨੂੰ ਹੁਣ ਤੋਂ ਹੀ ਲੰਗੋਟੇ ਲੈਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜਬੂਤੀ ਲਈ ਦਿਨ-ਰਾਤ ਇਕ ਕਰ ਕੇ ਕੰਮ ਕੀਤਾ ਜਾਵੇ ਤਾਂ ਜੋ ਪਾਰਟੀ ਮਜ਼ਬੂਤ ਕੀਤੀ ਜਾ ਸਕੇ। ਜਥੇਦਾਰ ਚੀਮਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਵੱਲੋਂ ਹਲਕਾ ਵਾਈਜ ਦੌਰੇ ਵੀ ਕੀਤੇ ਜਾਣਗੇ ਤਾਂ ਜੋ ਟਕਸਾਲੀ ਅਕਾਲੀ ਵਰਕਰਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਜਾ ਸਕੇ, ਕਿਉਂਕਿ ਟਕਸਾਲੀ ਅਕਾਲੀਆਂ ਦੀ ਬਦੌਲਤ ਹੀ ਪਾਰਟੀ ਨੂੰ ਮਜਬੂਤ ਕੀਤਾ ਜਾ ਸਕਦਾ ਹੈ। ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰ ਸਕਦੀ ਹੈ ਕਿਉਂਕਿ ਹੁਣ ਤੱਕ ਬਾਕੀ ਰਵਾਇਤੀ ਪਾਰਟੀਆਂ ਵੱਲੋਂ ਕੇਵਲ ਆਪਣੇ ਨਿਜੀ ਹਿੱਤਾਂ ਨੂੰ ਹੀ ਮੁੱਖ ਰੱਖਿਆ ਗਿਆ ਜਦੋਕਿ ਅਕਾਲੀ ਦਲ ਨੇ ਹੀ ਪੰਜਾਬ ਦੇ ਬੁਨਿਆਦੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ। ਜਥੇਦਾਰ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲਾ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦੀ ਨਵੀਂ ਵਿਉਂਤਬੰਦੀ ਕਰਨ ਲਈ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਏ ਵੀ ਲਈ ਗਈ। ਜਥੇਦਾਰ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਕਰਵਾ ਕੇ ਹੀ ਰਹੇਗਾ, ਕਿਉਕਿ ਕਿਸੇ ਦੇ ਲੋਕਤਤਰਿਕ ਹੱਕਾਂ ਦੀ ਉਲੰਘਣਾ ਕਰਨਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਹਲਕਾ ਫਤਿਹਗੜ੍ਹ ਸਾਹਿਬ ਦੇ ਅਬਜਰਵਰ ਦਿਲਬਾਗ ਸਿੰਘ ਬਾਘਾ, ਜਤਿੰਦਰ ਸਿੰਘ ਬੱਬੂ ਭੈਣੀ, ਕਸਮੀਰਾ ਸਿੰਘ ਬਿਲਾਸਪੁਰ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਸਾਬਕਾ ਵਾਈਸ ਚੇਅਰਮੈਨ ਜਥੇਦਾਰ ਸਵਰਨ ਸਿੰਘ ਗੁਪਾਲੋਂ, ਯੂਥ ਆਗੂ ਗੁਰਦੀਪ ਸਿੰਘ ਨੌਲੱਖਾ ਅਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਵੀ ਹਾਜਰ ਸਨ।