ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੀ ਹਿਰਾਸਤ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਦਿੱਤਾ ਬਿਆਨ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਦੀ ਹਿਰਾਸਤ ਉਨ੍ਹਾਂ ਲਈ ਵੱਡੀ ਪ੍ਰਾਪਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਅਤੇ ਉਸ ਨੂੰ ਸਜ਼ਾ ਦਿੱਤੀ ਜਾਵੇ।ਉਨ੍ਹਾਂ ਇੱਕ ਮੀਡੀਆ ਚੈਨਲ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਇਸ ਖ਼ਬਰ ਨੂੰ ਹਲਕੇ ਵਿੱਚ ਲੈ ਰਹੀ ਹੈ। ਇਹ ਇਕੱਲੇ ਮੇਰੇ ਪੁੱਤਰ ਦੀ ਮੌਤ ਦਾ ਸਵਾਲ ਨਹੀਂ ਹੈ। ਲੋਕ ਲਾਰੈਂਸ ਅਤੇ ਗੋਲਡੀ ਵਰਗੇ ਲੋਕਾਂ ਤੋਂ ਡਰੇ ਅਤੇ ਸਹਿਮੇ ਹੋਏ ਹਨ। ਲੋਕ ਇਨ੍ਹਾਂ ਲੋਕਾਂ ਤੋਂ ਬਹੁਤ ਪਰੇਸ਼ਾਨ ਹਨ। ਸਰਕਾਰ ਨੂੰ ਇਹ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਲੋਕ ਕੀ ਚਾਹੁੰਦੇ ਹਨ। ਸਰਕਾਰ ਗੋਲਡੀ ਨੂੰ ਭਾਰਤ ਲਿਆ ਕੇ ਉਸਦਾ ਨਾਰਕੋ ਟੈਸਟ ਕਰਵਾਏ।ਜ਼ਿਕਰਯੋਗ ਹੈ ਕਿ ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸਰੋਤਾਂ ਤੋਂ ਇੱਕ ਵੱਡਾ ਇਨਪੁਟ ਮਿਲਿਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਅਤੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।